ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਨਾਲ ਮਾਨੇਕਸ਼ਾ ਸੈਂਟਰ ਨਵੀਂ ਦਿੱਲੀ ਵਿਖੇ ਪ੍ਰੀ-ਬਜਟ 2023-24 ਦੇ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਤੋਂ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਚੀਮਾ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਿੱਚ ਸਨਅਤੀ ਵਿਕਾਸ, ਪਾਕਿਸਤਾਨ ਦੀ ਸਰਹੱਦੀ ਸੁਰੱਖਿਆ, ਪਰਾਲੀ ਸਾੜਨ ਦਾ ਮੁੱਦਾ, ਸੀਸੀਐਲ ਦਾ ਮਸਲਾ ਹੱਲ ਕਰਨ, ਪੁਲਿਸ ਫੋਰਸ ਦੇ ਆਧੁਨਿਕੀਕਰਨ, ਅੰਮ੍ਰਿਤਸਰ ਅਤੇ ਬਠਿੰਡਾ ਤੋਂ ਵੰਦੇ ਭਾਰਤ ਰੇਲ ਗੱਡੀਆਂ ਅਤੇ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਦੇ ਨਿਰਮਾਣ ਦੀ ਮੰਗ ਕੀਤੀ।ਇਸ ਦੇ ਨਾਲ ਹੀ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਉਦਯੋਗਿਕ ਖੇਤਰਾਂ ਦੇ ਵਿਕਾਸ ਲਈ 2500 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।
ਇਸ ਤੋਂ ਇਲਾਵਾ ਸੀਸੀਐਲ ਦਾ ਮੁੱਦਾ ਚੁੱਕਦਿਆਂ ਹਰਪਾਲ ਚੀਮਾ ਨੇ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਵੱਲੋਂ ਡਾ. ਰਮੇਸ਼ ਚੰਦ ਦੀ ਪ੍ਰਧਾਨਗੀ ਹੇਠ ਨੋਟੀਫਾਈ ਕੀਤੀ ਸਬ-ਕਮੇਟੀ ਨੇ ਆਪਣੀ ਰਿਪੋਰਟ ਵਿੱਚ ਪੰਜਾਬ ਸਰਕਾਰ ਦੇ 6155 ਕਰੋੜ ਰੁਪਏ ਦੇ ਦਾਅਵਿਆਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਸਬ-ਕਮੇਟੀ ਦੀ ਰਿਪੋਰਟ ਵੱਲੋਂ ਤਸਦੀਕ ਕੀਤੇ ਪੰਜਾਬ ਦੇ ਹੱਕੀ ਦਾਅਵਿਆਂ ਦੇ ਮੁਾਤਾਬਕ ਜਲਦੀ ਤੋਂ ਜਲਦੀ ਇਸ ਮੁੱਦੇ ਨੂੰ ਹੱਲ ਕਰ ਕੇ ਪੰਜਾਬ ਨੂੰ ਬੋਝ ਤੋਂ ਮੁਕਤ ਕਰਨ ਦੀ ਮੰਗ ਵੀ ਕੀਤੀ।
ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਮਾਨੇਕਸ਼ਾ ਸੈਂਟਰ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਪ੍ਰੀ-ਬਜਟ ਮੀਟਿੰਗ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ। ਇਸ ਕਾਰਨ ਇੱਥੇ ਨਿਵੇਸ਼ਕਾਂ ਅਤੇ ਉਦਯੋਗਾਂ ਨੂੰ ਵਧਾਉਣ ਲਈ ਇਸ ਨੂੰ ਵਿਸ਼ੇਸ਼ ਮਾਮਲਾ ਮੰਨਿਆ ਜਾਣਾ ਚਾਹੀਦਾ ਹੈ।ਚੀਮਾ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੁਲਿਸ ਬਲ ਦੀਆਂ ਦੋ ਬਟਾਲੀਅਨਾਂ ਨੂੰ ਪੱਕੇ ਤੌਰ 'ਤੇ ਤਾਇਨਾਤ ਕਰਨ ਲਈ 160 ਕਰੋੜ ਰੁਪਏ ਦੀ ਬਜਟੀ ਸਹਾਇਤਾ ਦੀ ਵੀ ਮੰਗ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਦੇ ਨਾਲ ਬੀਐਸਐਫ ਦੇ ਉੱਪਰ ਦਬਾਅ ਵੀ ਘੱਟ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Border, Budget, Central government, Harpal cheema, Punjab