ਗੈਂਗਸਟਰ ਤੇ ਅੱਤਵਾਦੀ ਲੰਡਾ ਹਰੀਕੇ ਨੇ ਅੰਮ੍ਰਿਤਸਰ 'ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਫੇਸਬੁੱਕ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਜਿਹੜੇ ਲੋਕ ਸੁਰੱਖਿਆ ਲੈ ਕੇ ਸੋਚਦੇ ਹਨ ਕਿ ਉਹ ਬਚ ਜਾਣਗੇ, ਉਨ੍ਹਾਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਉਨ੍ਹਾਂ ਦੀ ਵਾਰੀ ਹੈ।
ਹਾਲਾਂਕਿ ਨਿਊਜ਼18 ਇੰਡੀਆ ਇਸ ਦੀ ਪੁਸ਼ਟੀ ਨਹੀਂ ਕਰਦਾ ਹੈ ਕਿ ਇਹ ਪੋਸਟ ਸਹੀ ਹੈ ਜਾਂ ਫਰਜ਼ੀ। ਪੁਲਿਸ ਅਧਿਕਾਰੀਆਂ ਮੁਤਾਬਕ ਸਾਈਬਰ ਸੈੱਲ ਉਸ ਆਈਪੀ ਐਡਰੈੱਸ ਉਤੇ ਕੰਮ ਕਰ ਰਿਹਾ ਹੈ, ਜਿਸ ਤੋਂ ਇਹ ਪੋਸਟ ਪਾਈ ਗਈ ਹੈ। ਕਿਉਂਕਿ ਪੋਸਟ ਪਾ ਕੇ ਸਕਰੀਨ ਸ਼ਾਟ ਪਾ ਦਿੱਤਾ ਗਿਆ ਹੈ ਅਤੇ ਹੁਣ ਪੋਸਟ ਨੂੰ ਡਿਲੀਟ ਕਰ ਦਿੱਤਾ ਗਿਆ ਹੈ।
ਜਦੋਂ ਕਿ ਪੰਜਾਬ ਪੁਲਿਸ ਮੁਖੀ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੀ ਸਾਰੇ ਪਹਿਲੂਆਂ ਅਤੇ ਸਾਜ਼ਿਸ਼ਾਂ ਦੀ ਜਾਂਚ ਕੀਤੀ ਜਾਵੇਗੀ। ਸੁਧੀਰ ਸੂਰੀ ਦੀ ਸ਼ੁੱਕਰਵਾਰ ਨੂੰ ਮਜੀਠਾ ਰੋਡ ਉਤੇ ਸਥਿਤ ਗੋਪਾਲ ਮੰਦਿਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜੋ ਕਿ ਸ਼ਹਿਰ ਦੇ ਸਭ ਤੋਂ ਵਿਅਸਤ ਸਥਾਨਾਂ ਵਿਚੋਂ ਇੱਕ ਹੈ।
ਇਥੇ ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਕੁਝ ਹੋਰ ਆਗੂ ਪ੍ਰਦਰਸ਼ਨ ਕਰ ਰਹੇ ਸਨ। ਸੂਰੀ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਡੀਜੀਪੀ ਯਾਦਵ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਅਤੇ ਅਸੀਂ ਇਸ ਦੀ ਸਖ਼ਤ ਨਿੰਦਾ ਕਰਦੇ ਹਾਂ।
ਡੀਜੀਪੀ ਗੌਰਵ ਯਾਦਵ ਨੇ ਚੰਡੀਗੜ ਵਿੱਚ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਅਤੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 302 (ਕਤਲ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਥਾਣਾ ਸਦਰ ਅੰਮਿ੍ਰਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਜਲਦ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ। ਉਨਾਂ ਦੁਹਰਾਇਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Attempt to murder, Gangsters