ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਚਲਾਏ। ਇਸ ਚੈਨਲ ਰਾਹੀਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਅਤੇ ਸਿੱਖੀ ਦਾ ਪ੍ਰਚਾਰ ਕੀਤਾ ਜਾਵੇ।
ਜਥੇਦਾਰ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਾਂ ਪਰ ਸਾਡੇ ਚੈਨਲ ਨੂੰ ਖੋਲ੍ਹਣ ਵਿੱਚ ਪੈਸਾ ਕੋਈ ਅੜਿੱਕਾ ਨਹੀਂ ਹੈ, ਪਰ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਤੋਂ ਮਨਜ਼ੂਰੀ ਮਿਲਣੀ ਇੱਕ ਵੱਡੀ ਸਮੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਭਾਰਤ ਅਤੇ ਪੰਜਾਬ ਸਰਕਾਰ ਇਸ ਵਿੱਚ ਸਾਡੀ ਮਦਦ ਕਰੇ। ਅਸੀਂ ਆਪਣਾ ਚੈਨਲ ਖੋਲ੍ਹ ਕੇ ਗੁਰਬਾਣੀ ਦੇ ਨਾਲ-ਨਾਲ ਸਿੱਖਾਂ 'ਤੇ ਹੋ ਰਹੇ ਅੱਤਿਆਚਾਰਾਂ ਬਾਰੇ ਵੀ ਦੁਨੀਆ ਨੂੰ ਦੱਸੀਏ।
ਉਨ੍ਹਾਂ ਨੇ ਕਿਹਾ ਕਿ ਜਿੰਨਾਂ ਚਿਰ ਚੈਨਲ ਲਈ ਕਾਗਜ਼ੀ ਕਾਰਵਾਈ ਦਾ ਕੰਮ ਚਲਦਾ ਹੈ, ਉਨ੍ਹਾਂ ਚਿਰ ਐਸਜੀਪੀਸੀ ਖੁਦ ਆਪਣੇ ਯੂਟਿਊਬ ਤੇ ਵੈੱਬ ਚੈਨਲ ਰਾਹੀਂ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਦਾ ਸਿੱਧਾ ਪ੍ਰਸਾਰਨ ਕੀਤਾ ਜਾਵੇ। ਇਸਦੇ ਲਈ ਸ਼੍ਰੋਮਣੀ ਕਮੇਟੀ ਨੇ 1 ਹਫ਼ਤੇ ਦਾ ਸਮਾਂ ਮੰਗਿਆ ਹੈ ਕਿਉਂਕਿ ਉਨ੍ਹਾਂ ਨੇ ਕੈਮਰੇ ਅਤੇ ਹੋਰ ਸਾਮਾਨ ਖਰੀਦਣਾ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਜੇਕਰ ਇੱਕ ਮਹੀਨੇ ਅੰਦਰ ਚੈਨਲ ਲਈ ਮਨਜ਼ੂਰੀ ਲੈ ਕੇ ਦੇ ਦਿੰਦੀ ਹੈ ਤਾਂ ਅਸੀਂ ਚੈਨਲ ਸ਼ੁਰੂ ਕਰਕੇ 6 ਜੂਨ ਨੂੰ ਹੋਣ ਵਾਲੇ ਘੱਲੂਘਾਰਾ ਦਿਵਸ ਸਬੰਧੀ ਹਰ ਜਾਣਕਾਰੀ ਸੰਗਤਾਂ ਨੂੰ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਵਿਸ਼ਵਾਸ਼ ਦਿਵਾਇਆ ਕਿ ਜਲਦੀ ਹੀ ਸਿੱਖ ਸੰਪਰਦਾ ਦਾ ਆਪਣਾ ਚੈਨਲ ਹੋਵੇਗਾ। ਇਹ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਤੱਕ ਸਿੱਖ ਸੰਪਰਦਾ ਨਾਲ ਸਬੰਧਤ ਹਰ ਜਾਣਕਾਰੀ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ।
CM ਵੱਲੋਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਪੰਜਾਬ ਸਰਕਾਰ ਨੂੰ ਇਜਾਜ਼ਤ ਦੇਣ ਦੀ ਅਪੀਲ-
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਸੂਬਾ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਆਧੁਨਿਕ ਪ੍ਰਸਾਰਣ/ਸੰਚਾਰ ਤਕਨੀਕਾਂ ਨੂੰ ਸਥਾਪਿਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ `ਸਰਬ ਸਾਂਝੀ ਗੁਰਬਾਣੀ` ਦੇ ਦੁਨੀਆਂ ਭਰ `ਚ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ ਤਾਂ ਜੋ `ਸਰਬੱਤ ਦੇ ਭਲੇ` ਦੇ ਇਲਾਹੀ ਸੰਦੇਸ਼ ਨੂੰ ਦੁਨੀਆ ਭਰ ਵਿਚ ਵਸਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
CM ਗੁਰੂ ਘਰਾਂ ਦੇ ਪ੍ਰਬੰਧ ਵਿਚ ਦਖ਼ਲਅੰਦਾਜ਼ੀ ਤੋਂ ਪ੍ਰਹੇਜ਼ ਕਰਨ : ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਪ੍ਰਸਾਰਣ ਸਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੇ ਕਾਰਜ ਆਪਣੇ ਹੁੰਦੇ ਹਨ ਤੇ ਧਰਮ ਦੇ ਖੇਤਰ ਦਾ ਕਾਰਜ ਆਪਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਚੁਣੀ ਹੋਈ ਨੁਮਾਇੰਦਾ ਜਥੇਬੰਦੀ ਹੈ, ਜੋ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਦੇ ਨਾਲ-ਨਾਲ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਈ ਕੰਮ ਅਜਿਹੇ ਹਨ, ਜਿਸ ਨੂੰ ਕੇਵਲ ਸਰਕਾਰ ਵੱਲੋਂ ਹੀ ਕੀਤਾ ਜਾਣਾ ਹੁੰਦਾ ਹੈ। ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਅਤੇ ਉਸ ਤੋਂ ਪਹਿਲਾਂ ਵੀ ਸਰਕਾਰ ਨੂੰ ਕਈ ਵਾਰ ਅਪੀਲ ਕੀਤੀ ਗਈ ਸੀ ਕਿ ਘੰਟਾ ਘਰ ਵਾਲੇ ਪਾਸੇ ਪਹਿਲਾਂ ਹੋਏ ਸੁੰਦਰੀਕਰਨ ਦੀ ਤਰਜ਼ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਬਾਕੀ ਰਸਤਿਆਂ ਦਾ ਵੀ ਸੁੰਦਰੀਕਰਨ ਕੀਤਾ ਜਾਵੇ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਕਰੋੜਾਂ ਰੁਪਏ ਦੀ ਐਸਸੀ ਸਕਾਲਰਸ਼ਿਪ ਜੋ ਸਰਕਾਰ ਵੱਲ ਰੁਕੀ ਹੋਈ ਹੈ, ਜਾਰੀ ਕਰਨ ਅਤੇ ਏਡਿਡ ਸਕੂਲਾਂ ਦੇ ਸਟਾਫ ਸਬੰਧੀ ਲਟਕੇ ਮਾਮਲੇ ਵੀ ਹੱਲ ਕਰਨ ਦੀ ਅਪੀਲ ਕਰ ਚੁੱਕੇ ਹਾਂ, ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, SGPC, Sikhism, Tv