ਚੰਡੀਗੜ੍ਹ- ਹੁਣ ਲੋਕ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਨਾਲ ਮੋਬਾਈਲ ਫ਼ੋਨ ਲੈ ਕੇ ਜਾ ਸਕਣਗੇ। ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਸਰਕਾਰ ਨੇ ਕਿਹਾ ਹੈ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਅੰਦਰ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਰਾਜ ਸਰਕਾਰ ਵੱਲੋਂ ਪਿਛਲੇ ਮਹੀਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ, ਜਿਸ ਰਾਹੀਂ ਲੋਕ ਭ੍ਰਿਸ਼ਟ ਕੰਮਾਂ ਵਿੱਚ ਸ਼ਾਮਲ ਅਧਿਕਾਰੀਆਂ ਦੀ ਆਡੀਓ ਜਾਂ ਵੀਡੀਓ ਭੇਜ ਸਕਦੇ ਹਨ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਹੈ ਕਿ ਆਮ ਲੋਕਾਂ ਦੇ ਕੁਝ ਦਫਤਰਾਂ ਵਿੱਚ ਆਪਣੇ ਮੋਬਾਈਲ ਫੋਨ ਲੈ ਕੇ ਆਉਣ 'ਤੇ ਪੂਰਨ ਪਾਬੰਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਹੁਣ ਮੋਬਾਈਲ ਫ਼ੋਨ ਲਿਆਉਣ 'ਤੇ ਮੁਕੰਮਲ ਪਾਬੰਦੀ ਨਹੀਂ ਹੋਵੇਗੀ, ਪਰ ਜਿਹੜੇ ਦਫ਼ਤਰਾਂ 'ਚ ਇਹ ਲਾਜ਼ਮੀ ਹੈ, ਉੱਥੇ ਕੁਝ ਸੁਰੱਖਿਆ ਕਾਰਨਾਂ ਕਰਕੇ ਇਸ ਸਬੰਧੀ ਅੰਸ਼ਕ ਪਾਬੰਦੀ ਲਗਾਈ ਜਾ ਸਕਦੀ ਹੈ | ਸਰਕਾਰ ਨੇ ਸਾਰੇ ਪ੍ਰਬੰਧਕੀ ਸਕੱਤਰਾਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਕਰਮਚਾਰੀਆਂ ਦੀ ਸਮੇਂ ਦੀ ਪਾਬੰਦਤਾ ਨੂੰ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਫ਼ਤਰਾਂ ਵਿੱਚ ਕੰਮ ਕਰਨ ਲਈ ਦੂਰ-ਦੁਰਾਡੇ ਤੋਂ ਆਉਣ ਵਾਲੇ ਆਮ ਲੋਕਾਂ ਦੀ ਸਹੂਲਤ ਲਈ ਸਮੂਹ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ ਦੇ ਪਾਬੰਦ ਹੋਣ ਲਈ ਵਿਸਥਾਰਪੂਰਵਕ ਨਿਰਦੇਸ਼ ਦਿੱਤੇ ਹਨ। ਪਬਲਿਕ ਡੀਲਿੰਗ ਦਫਤਰਾਂ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਆਮ ਲੋਕਾਂ ਨਾਲ ਮਿਲਣ ਦਾ ਸਮਾਂ ਨਿਸ਼ਚਿਤ ਕਰਨ ਤੋਂ ਇਲਾਵਾ ਸਹੀ ਢੰਗ ਨਾਲ ਪੇਸ਼ ਆਉਣ ਅਤੇ ਮਾਰਗਦਰਸ਼ਨ ਕਰਨ ਲਈ ਕਿਹਾ ਗਿਆ ਹੈ।
ਕਾਬਲੇਗੌਰ ਕਿ ਜਦੋਂ ਤੋਂ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਾਂ ਤੋਂ ਰਿਸ਼ਵਤ ਮੰਗਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਕਰਨ ਲਈ ਕਿਹਾ ਹੈ, ਉਦੋਂ ਤੋਂ ਕਈ ਸਰਕਾਰੀ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Mobile phone, Office, Punjab government