ਪੰਜਾਬ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਸਬੰਧੀ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੀੜਤਾਂ ਦੇ ਇਲਾਜ਼ ਲਈ ਅਤਿ ਲੋੜੀਂਦੇ ਅਤੇ ਸੁਚੱਜੇ ਪ੍ਰਬੰਧ ਕਰਨ ਵਿੱਚ ਫ਼ੇਲ ਸਾਬਤ ਹੋ ਰਹੀ ਹੈ, ਜਿਸ ਕਾਰਨ ਸੂਬੇ ਵਿੱਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਕਾਫੀ ਵੱਧ ਗਈ ਹੈ।
ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨਾਂ ਨੂੰ ਇਹ ਖ਼ਬਰ ਪੜ ਕੇ ਕਾਫ਼ੀ ਦੁੱਖ ਲੱਗਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਆਮ ਲੋਕਾਂ ਦੀ ਜਾਨ ਬਚਾਉਣ ਲਈ ਉਚ ਪੱਧਰੀ ਡਾਕਟਰੀ ਸਹੂਲਤਾਂ ਦੇਣ ਦੀ ਥਾਂ ਨੂੰ ਸਰਕਾਰ ਨੇ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਨੂੰ ਮੁੱਖ ਰੱਖਦਿਆਂ ਪੰਜ ਹਜ਼ਾਰ ਡੈਡ ਬਾਡੀ ਕਵਰ ਲੈਣ ਲਈ ਟੈਂਡਰ ਜਾਰੀ ਕੀਤੇ ਹਨ ਅਤੇ ਜਲਦੀ ਤੋਂ ਜਲਦੀ ਡੈਡ ਬਾਡੀ ਕਵਰਾਂ ਦੀ ਸਪਲਾਈ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਅਜਿਹੇ ਟੈਂਡਰਾਂ ਤੋਂ ਪਤਾ ਚਲਦਾ ਕਿ ਸੂਬਾ ਸਰਕਾਰ ਇਸ ਮਹਾਂਮਾਰੀ ਦੌਰਾਨ ਪੰਜਾਬ ਦੇ ਲੋਕਾਂ ਨਾਲ ਡਾਕਟਰੀ ਸਹੂਲਤਾਂ ਦੇ ਨਾਂ 'ਤੇ ਕੇਵਲ ਖਿਲਵਾੜ ਹੀ ਕਰ ਰਹੀ ਹੈ, ਨਾ ਕਿ ਉਚ ਪਾਏ ਦਾ ਇਲਾਜ਼ ਪ੍ਰਦਾਨ ਕਰਕੇ ਲੋਕਾਂ ਦੀ ਜੀਵਨ ਦਾ ਬਚਾਅ ਕਰ ਰਹੀ ਹੈ।
ਵਿਰੋਧੀ ਦੇ ਆਗੂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਪੰਜਾਬ ਵਿੱਚ ਇੱਕ ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ, ਪਰ ਸਰਕਾਰ ਕੋਰੋਨਾ ਪੀੜਤਾਂ ਦੇ ਇਲਾਜ਼ ਲਈ ਲੋੜੀਦੀਂਆਂ ਡਾਕਟਰੀ ਸਹੂਲਤਾਂ ਅਤੇ ਹੋਰ ਡਾਕਟਰੀ ਉਪਕਰਨਾਂ ਦਾ ਪ੍ਰਬੰਧ ਕਰਨ ਵਿੱਚ ਨਾਕਾਮਯਾਬ ਹੋਈ ਹੈ। ਇਸ ਮਹਾਂਮਾਰੀ ਦੌਰਾਨ ਅਤਿ ਲੋੜੀਂਦੀਆਂ ਵੈਂਟੀਲੇਟਰ ਮਸ਼ੀਨਾਂ ਵੀ ਸੂਬੇ ਦੇ ਬਹੁਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਹੀਂ ਹੈ, ਜਿਸ ਨਾਲ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਆਪਣੇ ਚਾਰ ਸਾਲ ਤੋਂ ਜ਼ਿਆਦਾ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਕੋਈ ਉਚ ਪਾਏ ਦਾ ਹਸਪਤਾਲ ਵੀ ਸਥਾਪਤ ਨਹੀਂ ਕਰ ਸਕੀ।
ਮੋਹਾਲੀ ਵਿਖੇ ਮੈਡੀਕਲ ਕਾਲਜ ਸ਼ੁਰੂ ਕਰਨ ਦੇ ਦਾਅਵੇ ਤਰੀਕ ਪਰ ਤਰੀਕ ਅੱਗੇ ਵਧਾਏ ਜਾ ਰਹੇ ਹਨ। ਇਸੇ ਤਰਾਂ ਜ਼ਿਲਾ ਪੱਧਰੀ ਹਸਪਤਾਲਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਡਾਕਟਰਾਂ, ਨਰਸਾਂ ਅਤੇ ਮੈਡੀਕਲ ਟੈਕਨੀਸ਼ਨਾਂ ਦੀ ਵੱਡੀ ਘਾਟ ਪਾਈ ਜਾ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਠੰਡੀਆਂ ਵਾਦੀਆਂ ਛੱਡ ਕੇ ਪੰਜਾਬ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕੰਮ ਕਰਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Harpal cheema