ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਰਾਜੋਆਣਾ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਰਾਜੋਆਣਾ ਦੇ ਪਿਤਾ ਦੀ 22 ਜਨਵਰੀ ਨੂੰ ਮੌਤ ਹੋ ਗਈ ਸੀ।
ਜਸਟਿਸ ਅਜੈ ਤਿਵਾੜੀ ਅਤੇ ਜਸਟਿਸ ਪੰਕਜ ਜੈਨ ਦੇ ਬੈਂਚ ਨੇ ਪੁਲਿਸ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ 31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਉਨ੍ਹਾਂ ਦੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਪੁਲਿਸ ਸੁਰੱਖਿਆ ਵਿੱਚ ਲੈ ਜਾਣ ਦੇ ਹੁਕਮ ਦਿੱਤੇ ਹਨ। ਇਸ ਹੁਕਮ ਨਾਲ ਹਾਈਕੋਰਟ ਨੇ ਰਾਜੋਆਣਾ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਰਾਜੋਆਣਾ ਨੇ ਐਡਵੋਕੇਟ ਵਿਵੇਕ ਠਾਕੁਰ ਰਾਹੀਂ ਦਾਇਰ ਆਪਣੀ ਪਟੀਸ਼ਨ ਵਿੱਚ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਜੇਲ੍ਹ ਅਥਾਰਟੀ ਤੋਂ ਪੈਰੋਲ ਦੀ ਮੰਗ ਕੀਤੀ ਸੀ ਕਿਉਂਕਿ ਉਸ ਦੇ ਪਿਤਾ ਜਸਵੰਤ ਸਿੰਘ ਦੀ 22 ਜਨਵਰੀ ਨੂੰ ਮੌਤ ਹੋ ਗਈ ਸੀ। ਪਰ ਜੇਲ੍ਹ ਪ੍ਰਸ਼ਾਸਨ ਨੇ ਉਸ ਦੀ ਮੰਗ ਨੂੰ ਠੁਕਰਾ ਦਿੱਤਾ, ਜਿਸ ਕਾਰਨ ਰਾਜੋਆਣਾ ਨੇ ਹੁਣ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਪਿਤਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ। ਰਾਜੋਆਣਾ ਨੇ ਕਿਹਾ ਸੀ ਕਿ ਕਿਉਂਕਿ ਉਸ ਦੇ ਪਿਤਾ ਪਿਛਲੇ 26 ਸਾਲਾਂ ਤੋਂ ਜੇਲ੍ਹ ਵਿੱਚ ਲਗਾਤਾਰ ਉਨ੍ਹਾਂ ਨੂੰ ਮਿਲਣ ਆਉਂਦੇ ਰਹੇ ਹਨ, ਇਸ ਲਈ ਹੁਣ ਉਨ੍ਹਾਂ ਨੂੰ ਆਪਣੇ ਪਿਤਾ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਥਾਣਾ ਸਦਰ ਲੁਧਿਆਣਾ ਦੇ ਐੱਸਐੱਚਓ ਨੇ ਹਾਈਕੋਰਟ ਨੂੰ ਦੱਸਿਆ ਕਿ ਰਾਜੋਆਣਾ ਦੇ ਪਿਤਾ ਦੀ 22 ਜਨਵਰੀ ਨੂੰ ਮੌਤ ਹੋ ਗਈ ਸੀ ਅਤੇ ਉਸ ਦੇ ਪਿਤਾ ਦਾ ਭੋਗ 31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਪੈ ਰਿਹਾ ਹੈ। ਇਸ ਸੂਚਨਾ ਤੋਂ ਬਾਅਦ ਹਾਈਕੋਰਟ ਨੇ ਰਾਜੋਆਣਾ ਨੂੰ 31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਆਪਣੇ ਪਿਤਾ ਦੇ ਭੋਗ 'ਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਬੰਬ ਧਮਾਕੇ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਕੇਸ ਵਿੱਚ ਸੀ.ਬੀ.ਆਈ 27 ਜੁਲਾਈ 2007 ਨੂੰ ਅਦਾਲਤ ਨੇ ਰਾਜੋਆਣਾ ਨੂੰ ਦੋਸ਼ੀ ਕਰਾਰ ਦੇ ਕੇ ਫਾਂਸੀ ਦੀ ਸਜ਼ਾ ਸੁਣਾਈ ਸੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Balwant Singh Rajoana, High court