ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਐੱਸ.ਵਾਈ.ਐੱਲ ਕਿਸੇ ਵੀ ਸੂਰਤ ਨਹੀਂ ਨਿਕਲਣ ਦਿਆਂਗੇ। ਪਹਿਲਾਂ ਬੈਠ ਕੇ ਪਾਣੀਆਂ ਦੀ ਗੱਲ ਕੀਤੀ ਜਾਵੇ।
ਉਨ੍ਹਾਂ ਨੇ ਕਿਹਾ ਕਿ ਹਰ ਵਾਰ ਚੋਣਾਂ ਦੇ ਸਮੇਂ ਮੁੱਦੇ ਨੂੰ ਚੱਕ ਕੇ ਮਾਹੌਲ ਖ਼ਰਾਬ ਕੀਤਾ ਜਾਂਦਾ ਹੈ। ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਨਾਲ ਧੱਕਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅੰਗਰੇਜ਼ਾਂ ਦੇ ਸਮੇਂ ਤੋਂ ਸਾਡੇ ਨਾਲ ਧੱਕਾ ਹੋਇਆ ਹੈ, ਜਿਸ ਵਿੱਚ ਮੁਫ਼ਤ ਪਾਣੀ ਰਾਜਸਥਾਨ ਨੂੰ ਜਾ ਰਿਹਾ ਹੈ ਅਤੇ ਅੱਜ ਪੰਜਾਬ ਵਿਚ ਟਿਊਬਵੈੱਲ ਲਗਾ ਕੇ ਕੰਮ ਚੱਲ ਰਿਹਾ ਹੈ। ਅੱਜ ਸਥਿਤੀ ਇਹ ਹੈ ਕਿ ਇਥੇ ਪਾਣੀ ਸੁੱਕ ਰਿਹਾ ਹੈ ਅਤੇ ਅੱਜ ਵੀ ਪਾਣੀ ਹੋਰ ਰਾਜਾਂ ਨੂੰ ਦਿੱਤਾ ਜਾ ਰਿਹਾ ਹੈ। ਪਾਣੀ ਨੂੰ ਲੈ ਕੇ ਰਾਜਾਂ ਨਾਲ ਜੋ ਸਮਝੌਤੇ ਕੀਤੇ ਗਏ ਹਨ, ਉਹ ਗਲਤ ਹਨ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨਾਲ ਖੇਡ ਖੇਡੀ ਜਾ ਰਹੀ ਹੈ ਅਤੇ ਅਸੀਂ ਇਸ ਦਾ ਵਿਰੋਧ ਕਰਾਂਗੇ। ਕੇਂਦਰ ਵਲੋਂ ਸਰਹੱਦੀ ਸੂਬੇ ਵਿਚ ਹਾਲਾਤ ਵਿਗਾੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਮੁੱਦਿਆਂ 'ਤੇ ਚਰਚਾ ਕਰਵਾ ਕੇ ਸਰਕਾਰ ਹੋਰ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਆਉਣ ਵਾਲੇ ਨਵੰਬਰ ਮਹੀਨੇ ਵਿਚ ਅਸੀਂ ਇਸ ਮੁੱਦੇ ਯਾਨੀ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਵੱਡੀ ਲੜਾਈ ਲੜਨ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਇਸ ਮੁੱਦੇ ’ਤੇ ਨਵੰਬਰ ਮਹੀਨੇ ਮੁਹਾਲੀ ਵਿੱਚ ਪੱਕਾ ਮੋਰਚਾ ਖੋਲ੍ਹੇਗੀ।
ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਹੱਦੀ ਇਲਾਕਾ ਹੈ ਅਤੇ ਇੱਥੋਂ ਦਾ ਮਾਹੌਲ ਸ਼ਾਂਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਗੱਲ ਐਸਵਾਈਐਲ ਦਾ ਮੁੱਦਾ ਹੋਵੇ ਜਾਂ ਹੋਰ ਮੁੱਦੇ, ਪੰਜਾਬ ਵਿੱਚ ਸਿਆਸੀ ਹਲਚਲ ਕਾਰਨ ਇੱਥੋਂ ਦਾ ਮਾਹੌਲ ਹਮੇਸ਼ਾ ਹੀ ਖਰਾਬ ਹੁੰਦਾ ਰਿਹਾ ਹੈ। ਹੁਣ ਇਸ ਮਾਮਲੇ 'ਤੇ ਮੁੜ ਚਰਚਾ ਕਰਕੇ ਸੂਬੇ ਦਾ ਮਾਹੌਲ ਖਰਾਬ ਨਹੀਂ ਕਰਨਾ ਚਾਹੀਦਾ। ਸਾਰਿਆਂ ਨੂੰ ਇਸ ਪ੍ਰਤੀ ਗੰਭੀਰ ਹੋਣਾ ਚਾਹੀਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।