ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ 'ਚ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੇ ਇੱਕ ਹੋਰ ਮਡਿਊਲ ਦਾ ਪਰਦਾਫਾਸ਼

News18 Punjabi | News18 Punjab
Updated: July 14, 2021, 9:16 PM IST
share image
ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ 'ਚ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੇ ਇੱਕ ਹੋਰ ਮਡਿਊਲ ਦਾ ਪਰਦਾਫਾਸ਼
ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ 'ਚ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੇ ਇੱਕ ਹੋਰ ਮਡਿਊਲ ਦਾ ਪਰਦਾਫਾਸ਼ (file photo)

39 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ/ਅੰਮ੍ਰਿਤਸਰ: ਮੱਧ ਪ੍ਰਦੇਸ਼ ਤੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਮੱਧ ਪ੍ਰਦੇਸ਼ ਅਧਾਰਤ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਗੈਰਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸੂਬੇ ਵਿੱਚ ਇਨ੍ਹਾਂ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਇੱਕ ਹੋਰ ਅੰਤਰ-ਰਾਜੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਦੱਸਿਆ ਕਿ ਅੰਤਰਰਾਜੀ ਕਾਰਵਾਈ ਦੌਰਾਨ ਸਟੇਟ ਕਾਉਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦੀ ਟੀਮ ਨੇ ਮੱਧ ਪ੍ਰਦੇਸ਼ ਦੇ ਬੜਵਾਨੀ ਜ਼ਿਲ੍ਹੇ ਦੇ ਪਿੰਡ ਜਮਲੀ ਗਾਇਤਰੀ ਧਾਮ ਦੇ ਰਹਿਣ ਵਾਲੇ ਜੀਵਨ (19) ਅਤੇ ਬੜਵਾਨੀ (ਮੱਧ ਪ੍ਰਦੇਸ਼) ਦੇ ਪਿੰਡ ਉਮਰਤੀ ਦੇ ਵਿਜੇ ਠਾਕੁਰ (25) ਨੂੰ ਬੜਵਾਨੀ ਜ਼ਿਲ੍ਹੇ ਦੇ ਪਿੰਡ ਸੇਂਧਵਾ ਦੇ ਖੇਤਰ `ਚੋਂ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਮੈਗਜ਼ੀਨਾਂ ਸਮੇਤ 39 ਪਿਸਤੌਲਾਂ (.32 ਬੋਰ) ਬਰਾਮਦ ਕੀਤੀਆਂ ਹਨ।

ਜ਼ਿਕਰਯੋਗ ਹੈ ਕਿ ਇਹ ਸਫ਼ਲਤਾ ਕਪੂਰਥਲਾ ਪੁਲਿਸ ਵੱਲੋਂ ਬੜਵਾਨੀ, ਮੱਧ ਪ੍ਰਦੇਸ਼ ਤੋਂ ਮੁੱਖ ਸਪਲਾਇਰ ਦੀ ਗ੍ਰਿਫਤਾਰੀ ਨਾਲ ਇਕ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕੀਤੇ ਜਾਣ ਦੇ ਚਾਰ ਦਿਨਾਂ ਬਾਅਦ ਹਾਸਲ ਹੋਈ ਹੈ।ਦੱਸਣਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਪਿਛਲੇ 8 ਮਹੀਨਿਆਂ ਵਿੱਚ ਬੇਨਕਾਬ ਕੀਤਾ ਗਿਆ ਇਹ ਮੱਧ ਪ੍ਰਦੇਸ਼ ਦਾ ਅਜਿਹਾ ਚੌਥਾ ਮਡਿਊਲ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ, ਜੋ ਪੰਜਾਬ ਵਿੱਚ ਗੈਂਗਸਟਰਾਂ, ਅਪਰਾਧੀਆਂ ਅਤੇ ਕੱਟੜਪੰਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ, ਦੀ ਗ੍ਰਿਫ਼ਤਾਰੀ ਨਾਲ ਮੱਧ ਪ੍ਰਦੇਸ਼ ਵਿੱਚ ਇੱਕ ਗੈਰ ਕਾਨੂੰਨੀ ਸਮਾਲ ਆਰਮਜ਼ ਮੈਨੂਫੈਕਚਰਿੰਗ ਯੂਨਿਟ ਸਮੇਤ ਅਜਿਹੇ ਦੋ ਮਡਿਊਲਾਂ ਦਾ ਪਰਦਾਫਾਸ਼ ਕੀਤਾ ਸੀ।
ਇਹ ਚਿੰਤਾ ਜ਼ਾਹਰ ਕਰਦਿਆਂ ਕਿ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਖੜਗੋਨ, ਬੜਵਾਨੀ ਅਤੇ ਬੁਰਹਾਨਪੁਰ ਦੇ ਖੇਤਰ ਬਿਹਤਰ ਕੁਆਲਟੀ ਦੇ .30 ਬੋਰ ਅਤੇ .32 ਬੋਰ ਹਥਿਆਰਾਂ ਦੇ ਨਿਰਮਾਣ ਅਤੇ ਦੇਸ਼ ਭਰ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਇਨ੍ਹਾਂ ਦੀ ਸਪਲਾਈ ਲਈ ਇੱਕ ਵੱਡੇ ਬੇਸ ਵਜੋਂ ਉੱਭਰ ਰਹੇ ਹਨ, ਡੀ.ਜੀ.ਪੀ. ਨੇ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਗੈਰ ਕਾਨੂੰਨੀ ਹਥਿਆਰ ਬਣਾਉਣ ਵਾਲੀਆਂ ਇਕਾਈਆਂ ਦਾ ਪਰਦਾਫਾਸ਼ ਕਰਨ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਵੱਖ ਵੱਖ ਇਕਾਈਆਂ ਨੇ ਇਸ ਤੋਂ ਪਹਿਲਾਂ ਸੂਬੇ `ਚੋਂ ਮੱਧ ਪ੍ਰਦੇਸ਼ ਦੇ ਬਣੇ ਹੋਏ ਗੈਰ ਕਾਨੂੰਨੀ ਹਥਿਆਰਾਂ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵੱਲੋਂ ਸਤੰਬਰ, 2020 ਤੋਂ ਹੁਣ ਤੱਕ ਮੱਧ ਪ੍ਰਦੇਸ਼ ਦੇ ਬਣੇ ਹੋਏ ਤਕਰੀਬਨ 122 ਗੈਰ ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਕਾਉਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 12 ਜੂਨ 2021 ਨੂੰ ਤਰਨ ਤਾਰਨ ਵਾਸੀ ਹੀਰਾ ਸਿੰਘ ਅਤੇ ਹਰਮਨਦੀਪ ਸਿੰਘ ਨਾਮੀ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਪਾਸੋਂ ਤਿੰਨ ਦੇਸੀ ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਪੁੱਛ-ਪੜਤਾਲ ਦੌਰਾਨ ਇਹ ਖੁਲਾਸਾ ਹੋਇਆ ਕਿ ਉਨ੍ਹਾਂ ਨੇ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਖਰੀਦੇ ਸਨ।

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਦੇ ਆਧਾਰ `ਤੇ ਸਮੁੱਚੇ ਮਡਿਊਲ ਦਾ ਪਰਦਾਫਾਸ਼ ਕਰਨ ਲਈ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਨੂੰ ਮੱਧ ਪ੍ਰਦੇਸ਼ ਭੇਜਿਆ ਗਿਆ।ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਇਹ ਪਤਾ ਚੱਲਿਆ ਕਿ ਇਹ ਹਥਿਆਰ ਪੰਜਾਬ ਦੇ ਵੱਖ-ਵੱਖ ਅਪਰਾਧਿਕ ਗਿਰੋਹਾਂ ਅਤੇ ਹੋਰ ਦੇਸ਼ ਵਿਰੋਧੀ ਅਨਸਰਾਂ ਨੂੰ ਸਪਲਾਈ ਕੀਤੇ ਜਾਣੇ ਸਨ।

ਦੱਸਣਯੋਗ ਹੈ ਕਿ ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਨੰਬਰ 15 ਮਿਤੀ 12.06.2021 ਪਹਿਲਾਂ ਹੀ ਦਰਜ ਹੈ।
Published by: Ashish Sharma
First published: July 14, 2021, 9:16 PM IST
ਹੋਰ ਪੜ੍ਹੋ
ਅਗਲੀ ਖ਼ਬਰ