ਚੰਡੀਗੜ੍ਹ- ਡਰੱਗ ਮਾਫੀਆ ਉਤੇ ਨਕੇਲ ਕੱਸਣ ਲਈ ਪੰਜਾਬ ਸਰਕਾਰ ਹੁਣ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਮੁਹਿੰਮ ਤੇਜ਼ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਨੂੰ ਨਿਰਦੇਸ਼ ਦਿੱਤੇ ਹਨ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਜ਼ਬਤ ਕੀਤੀਆਂ ਜਾਇਦਾਦਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਡੀਜੀਪੀ ਨੂੰ ਜ਼ਬਤ ਕੀਤੀਆਂ ਜਾਇਦਾਦਾਂ ਦਾ ਵੇਰਵਾ ਹਰ ਮਹੀਨੇ ਦੇਣ ਦੇ ਵੀ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਸਐਸਪੀ ਅਤੇ ਪੁਲਿਸ ਕਮਿਸ਼ਨਰਾਂ ਨੂੰ ਡਰੱਗ ਮਾਫੀਆ ਦੀਆਂ ਵੱਡੀਆਂ ਮੱਛੀਆਂ 'ਤੇ ਸ਼ਿਕੰਜਾ ਕੱਸਣ ਲਈ ਐਸਟੀਐਫ ਨਾਲ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ।
ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਸੂਬੇ ਦੇ ਕਿਸੇ ਵੀ ਹਿੱਸੇ ਤੋਂ ਨਸ਼ਿਆਂ ਦੀ ਸਪਲਾਈ ਦੀ ਕੋਈ ਘਟਨਾ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਸਬੰਧਤ ਐਸ.ਐਸ.ਪੀ. ਜਾਂ ਪੁਲਿਸ ਕਮਿਸ਼ਨਰ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਨਸ਼ਾ ਤਸਕਰੀ ਸਬੰਧੀ ਕੋਈ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਕਿਸੇ ਵੀ ਕੀਮਤ 'ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕਿਉਂਕਿ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਬਚਾਉਣ ਲਈ ਇਸ ਦੀ ਸਪਲਾਈ ਚੇਨ ਨੂੰ ਤੋੜਨਾ ਪਵੇਗਾ।
ਮੁੱਖ ਮੰਤਰੀ ਨੇ ਡੀਜੀਪੀ ਨੂੰ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਜ਼ਬਤ ਦੌਰਾਨ ਫੜੇ ਗਏ ਨਸ਼ੀਲੇ ਪਦਾਰਥਾਂ ਦੀ ਕੀਮਤ ਦਾ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਪ੍ਰਸਾਰਣ ਨਾ ਕਰਨ ਲਈ ਵਿਸਥਾਰਤ ਆਦੇਸ਼ ਜਾਰੀ ਕਰਨ ਲਈ ਕਿਹਾ ਹੈ। ਕਿਉਂਕਿ ਇਹ ਪ੍ਰਕਿਰਿਆ ਭੋਲੇ ਭਾਲੇ ਲੋਕਾਂ ਨੂੰ ਜਲਦੀ ਪੈਸਾ ਕਮਾਉਣ ਲਈ ਆਕਰਸ਼ਿਤ ਕਰਦੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਜ਼ਬਤ ਕੀਤੀ ਗਈ ਮਾਤਰਾ, ਜ਼ਬਤ ਕਰਨ ਦੀ ਜਗ੍ਹਾ ਅਤੇ ਕਰਮਚਾਰੀਆਂ ਦੇ ਵੇਰਵਿਆਂ ਬਾਰੇ ਬਾਕੀ ਜਾਣਕਾਰੀ ਜਨਤਕ ਕੀਤੀ ਜਾ ਸਕਦੀ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।