ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇਥੇ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਹ ਕਰੀਬ 40 ਮਿੰਟਾਂ ਤੱਕ ਪਰਿਵਾਰ ਨਾਲ ਰਹੇ। ਉਨ੍ਹਾਂ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨਾਲ ਗੱਲਬਾਤ ਕੀਤੀ।
ਸੰਤੋਖ ਸਿੰਘ ਚੌਧਰੀ ਦੇ ਅਚਾਨਕ ਦੇਹਾਂਤ ਤੋਂ ਬਾਅਦ ਪਾਰਟੀ ਨੇ ਭਾਰਤ ਜੋੜੋ ਯਾਤਰਾ ਨੂੰ ਅੱਜ 24 ਘੰਟਿਆਂ ਲਈ ਮੁਲਤਵੀ ਕਰ ਦਿੱਤਾ। ਹੁਣ ਇਹ ਸ੍ਰੀ ਚੌਧਰੀ ਦੇ ਸਸਕਾਰ ਤੋਂ ਬਾਅਦ ਸ਼ੁਰੂ ਹੋਵੇਗੀ। ਐਤਵਾਰ ਨੂੰ ਜਲੰਧਰ ਵਿਚ ਰਾਹੁਲ ਗਾਂਧੀ ਦੀ ਪ੍ਰੈੱਸ ਕਾਨਫਰੰਸ ਨੂੰ ਰੱਦ ਕਰ ਦਿੱਤਾ। ਹੁਣ ਇਹ ਪ੍ਰੈੱਸ ਕਾਨਫਰੰਸ 17 ਜਨਵਰੀ ਨੂੰ ਹੁਸ਼ਿਆਰਪੁਰ ’ਚ ਹੋਵੇਗੀ।
ਦੱਸ ਦਈਏ ਕਿ ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ।
ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਹ ਰਾਹੁਲ ਗਾਂਧੀ ਨਾਲ ਯਾਤਰਾ 'ਚ ਚੱਲ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਫਗਵਾੜਾ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ ਸੀ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ।
ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਨੂੰ ਫਿਲਹਾਲ ਰੋਕ ਦਿੱਤਾ ਹੈ। ਇਹ ਯਾਤਰਾ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੋਂ ਫਗਵਾੜਾ ਵੱਲ ਜਾ ਰਹੀ ਸੀ। ਜਿਸ ਦੌਰਾਨ ਇਹ ਘਟਨਾ ਵਾਪਰੀ। ਕਰੀਬ 8.45 ਵਜੇ ਉਨ੍ਹਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਰਾਹੁਲ ਗਾਂਧੀ ਵੀ ਉਨ੍ਹਾਂ ਨੂੰ ਦੇਖਣ ਹਸਪਤਾਲ ਗਏ। ਚੌਧਰੀ ਸੰਤੋਖ ਸਿੰਘ 76 ਸਾਲ ਦੇ ਸਨ।
ਦੱਸ ਦਈਏ ਕਿ ਸੰਤੋਖ ਸਿੰਘ ਚੌਧਰੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਨ। ਚੌਧਰੀ ਸੰਤੋਖ ਸਿੰਘ ਨੇ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ।
ਸੰਤੋਖ ਸਿੰਘ ਚੌਧਰੀ ਪੰਜਾਬ ਕਾਂਗਰਸ ਦੇ ਦਿੱਗਜ ਆਗੂਆਂ ਵਿੱਚੋਂ ਇੱਕ ਸਨ। 2004 ਤੋਂ 2010 ਤੱਕ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਹੇ। 2002 ਵਿਚ ਉਹ ਕਾਂਗਰਸ ਦੀ ਟਿਕਟ 'ਤੇ ਫਿਲੌਰ ਵਿਧਾਨ ਸਭਾ ਸੀਟ ਤੋਂ ਜਿੱਤ ਕੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਚੁਣੇ ਗਏ ਸਨ। ਉਹ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Indian National Congress, Punjab Congress, Rahul Gandhi