
ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ। (ਫਾਈਲ ਫੋਟੋ)
ਅੰਮ੍ਰਿਤਸਰ: Punjab News: ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਐਲਾਨ ਕਰਨ 'ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhammi) ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀਆਂ ਭਾਵਨਾਵਾਂ ਦੀ ਅਸੀਂ ਕਦਰ ਕਰਦੇ ਹਾਂ, ਪਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਸੰਗਿਆ ਨਾਲ ਜੋੜ ਕੇ 'ਵੀਰ ਬਾਲ ਦਿਵਸ' ਤੱਕ ਸੀਮਤ ਰੱਖਣਾ ਸ਼ਹਾਦਤਾਂ ਦੀ ਭਾਵਨਾ ਤੇ ਸਿੱਖ ਰਵਾਇਤਾਂ ਦੇ ਮੇਚ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ, ਸਿਧਾਤਾਂ ਅਤੇ ਪ੍ਰੰਪਰਾਵਾਂ ਦੇ ਮਦੇਨਜ਼ਰ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਵੱਡੇ ਯੋਧਿਆਂ ਵਰਗੀਆਂ ਹਨ। ਸਿੱਖ ਇਤਿਹਾਸ ਵਿਚ ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਨੂੰ ਸੰਬੋਧਨ ਸਮੇਂ ਬਾਬਾ ਸ਼ਬਦ ਨਾਲ ਸਤਿਕਾਰ ਦਿੱਤਾ ਜਾਂਦਾ ਹੈ।
'ਪ੍ਰਧਾਨ ਮੰਤਰੀ ਦਾ ਐਲਾਨ ਸਤਿਕਾਰ ਵਿਚੋਂ ਉਪਜਿਆ ਤਾਂ ਹੋ ਸਕਦਾ, ਪਰ ਸਿੱਖ ਰਵਾਇਤਾਂ ਅਨੁਸਾਰ ਨਹੀਂ'
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਾਰ ਅੰਦਰ ਕਿਸੇ ਵੀ ਵੀਚਾਰ ਨੂੰ ਕੌਮੀ ਮਾਨਤਾ ਦੇਣ ਲਈ ਕਸਵੱਟੀ ਸਾਡਾ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਸਿਧਾਂਤ, ਅਤੇ ਮਾਨਤਾਵਾਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਾਨਤਾ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ’ਤੇ ਅਗਵਾਈ ਦੇਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਥਕ ਰਵਾਇਤਾਂ, ਮਾਨਤਾਵਾਂ ਅਤੇ ਸਿੱਖ ਸਰੋਕਾਰ ਬਹੁਤ ਵਿਲੱਖਣ ਅਤੇ ਲਾਸਾਨੀ ਹੋਣ ਕਰਕੇ ਇਨ੍ਹਾ ਨਾਲ ਸਬੰਧਤ ਕਿਸੇ ਵੀ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਲੈ ਕੇ ਹੀ ਕੋਈ ਫੈਸਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨਾ ਅਤੇ ਐਲਾਨ ਸਤਿਕਾਰ ਦੀ ਭਾਵਨਾ ਵਿਚੋਂ ਉਪਜਿਆ ਤਾਂ ਹੋ ਸਕਦਾ ਹੈ, ਪਰ ਪੰਥ ਪ੍ਰਵਾਨਤ ਨਹੀਂ ਸਮਝਿਆ ਜਾ ਸਕਦਾ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।