ਸੁੱਖਵਿੰਦਰ ਸਾਕਾ
ਕੀਰਤਪੁਰ ਸਾਹਿਬ , ਰੂਪਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾ ਦੇਣ ਲਈ ਨਿਰੰਤਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ । ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੇ ਸਿਹਤ ਕੇਂਦਰਾਂ ਵਿਚ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।
ਇਸੇ ਤਹਿਤ ਸੀਨੀਅਰ ਮੈਡੀਕਲ ਅਫਸਰ ਕੀਰਤਪੁਰ ਸਾਹਿਬ ਡਾ.ਦਲਜੀਤ ਕੌਰ ਨੇ ਦੱਸਿਆ ਕਿ ਕੋਵਿਡ ਵੈਕਸੀਨ ਦੀ ਤੀਜੀ ਅਹਿਤਿਆਤੀ ਖੁਰਾਕ ਜੋ ਕਿ ਪਹਿਲਾਂ 60 ਸਾਲ ਦੀ ਉਮਰ ਤੋਂ ਵੱਧ ਉਮਰ ਦੇ ਵਿਅਕਤੀਆਂ ਜਾਂ ਫਰੰਟ ਲਾਈਨ ਵਰਕਰਾਂ ਨੂੰ ਸਿਹਤ ਵਿਭਾਗ ਵਲ੍ਹੋਂ ਮੁਫਤ ਲਗਾਈ ਜਾਂਦੀ ਸੀ, ਹੁਣ 75 ਵੇਂ ਅਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਤਹਿਤ ਇਹ ਤੀਜੀ ਡੋਜ਼ ਹੁਣ 18 ਤੋਂ 59 ਸਾਲ ਦੇ ਵਿਅਕਤੀਆਂ ਨੂੰ 15 ਜੁਲਾਈ ਤੋਂ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਦਿੱਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਸਰਕਾਰ ਦੀ ਇਸ ਨਵੀਂ ਪਾਲਿਸੀ ਦਾ ਲਾਭ ਉਠਾਉਣਾ ਚਾਹੀਦਾ ਹੈ । ਉਹਨਾਂ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੇ 24 ਹੈਲਥ ਐਂਡ ਵੈੱਲਨੈਸ ਸੈਂਟਰਾਂ ਅਤੇ ਮਿੰਨੀ ਪੀ.ਐਚ. ਸੀ. ਢੇਰ, ਕਥੇੜ੍ਹਾ, ਸਹਿਜੋਵਾਲ ਅਤੇ ਰੂਰਲ ਹਸਪਤਾਲ ਭਲਾਣ ਵਿਖੇ ਇਹ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦਾ ਖਤਰਾ ਅਜੇ ਘਟਿਆ ਨਹੀਂ ਹੈ ਇਸ ਲਈ ਕੋਵਿਡ ਦਾ ਸੋ ਫੀਸਦੀ ਟੀਕਾਕਰਨ ਹੋਣਾ ਜਰੂਰੀ ਹੈ । ਕੀਰਤਪੁਰ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫਸਰ ਵਲ੍ਹੋਂ ਪ੍ਰੀਕੋਸ਼ਨ ਡੋਜ਼ ਦੇ ਕੈਂਪ ਦਾ ਨਿਰੀਖਣ ਕੀਤਾ ਗਿਆ ਅਤੇ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corona vaccine, Punjab, Ropar