ਸੁੱਖਵਿੰਦਰ ਸਾਕਾ
ਰੂਪਨਗਰ : ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਤੇ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹਦਾ ਅਚਨਚੇਤ ਦੌਰਾ ਕੀਤਾ ਗਿਆ। ਸਿੱਖਿਆ ਮੰਤਰੀ ਮੀਤ ਹੇਅਰ ਅਤੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਸਵੇਰੇ ਕਰੀਬ 9 ਵਜੇ ਸਭ ਤੋਂ ਪਹਿਲਾਂ ਸਰਕਾਰੀ ਪ੍ਰਾਇਮਰੀ ਸਕੂਲ ਪੁਰਖਾਲੀ ਵਿਖੇ ਚੈਕਿੰਗ ਲਈ ਪਹੁੰਚੇ। ਜਿੱਥੇ ਉਨ੍ਹਾਂ ਵੱਲੋਂ ਸਕੂਲ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਸਿੱਖਿਆ ਮੰਤਰੀ ਵੱਲੋਂ ਸਕੂਲ ਦੇ ਬੱਚਿਆਂ ਦੇ ਨਾਲ ਪੜ੍ਹਾਈ ਦੀ ਗੁਣਵੱਤਾ ਨੂੰ ਲੈ ਕੇ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਜਵਾਬ ਸਵਾਲ ਵੀ ਕੀਤੇ ਗਏ। ਉਨ੍ਹਾਂ ਵੱਲੋਂ ਸਕੂਲ ਦੇ ਸਟਾਫ ਦੇ ਨਾਲ ਗੱਲਬਾਤ ਵੀ ਕੀਤੀ ਗਈ ਤੇ ਸਕੂਲ ਸਟਾਫ ਨੂੰ ਹੋਣ ਵਾਲੀਆਂ ਮੁਸ਼ਕਿਲਾਂ ਸਬੰਧੀ ਵੀ ਜਾਣਕਾਰੀ ਲਈ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਮਿੱਡ ਡੇਅ ਮੀਲ ਦੀ ਜਾਂਚ ਵੀ ਕੀਤੀ ਗਈ ਅਤੇ ਮਿਡ ਡੇ ਮੀਲ ਦਾ ਖਾਣਾ ਵੀ ਖਾਧਾ । ਉਨ੍ਹਾਂ ਵੱਲੋਂ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕੀਤੀ ਗਈ । ਇਸ ਮੌਕੇ ਮਿੱਡ ਡੇਅ ਮੀਲ ਵਰਕਰਾਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਇੱਕ ਹਜ਼ਾਰ ਰੁਪਿਆ ਭੱਤਾ ਮਿਲਦਾ ਸੀ ਤੇ ਹੁਣ ਉਨ੍ਹਾਂ ਨੂੰ ਤਿੰਨ ਹਜ਼ਾਰ ਰੁਪਏ ਦਾ ਭੱਤਾ ਦਿੱਤਾ ਜਾਂਦਾ ਹੈ । ਇਸ ਮੌਕੇ ਮਿਡ ਡੇ ਮੀਲ ਵਰਕਰਾਂ ਨੇ ਕਿਹਾ ਕਿ ਮਹਿੰਗਾਈ ਵੱਧ ਹੋਣ ਕਾਰਨ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਬਹੁਤ ਹੀ ਔਖਾ ਚੱਲ ਰਿਹਾ ਹੈ । ਇਸ ਮੌਕੇ ਸਿੱਖਿਆ ਮੰਤਰੀ ਨੇ ਕਿਹਾ ਕਿ ਮਿਡ ਡੇਅ ਮੀਲ ਵਰਕਰਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦਿੱਤਾ ਜਾਵੇਗਾ । ਇਸ ਤੋਂ ਉਪਰੰਤ ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਦਾ ਦੌਰਾ ਕੀਤਾ ਗਿਆ । ਜਿੱਥੇ ਉਨ੍ਹਾਂ ਵੱਲੋਂ ਸਕੂਲ ਦੇ ਖੰਡਰ ਪਏ ਖੇਡ ਵਿੰਗ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਵੱਲੋਂ ਸਕੂਲ ਦੇ ਪ੍ਰਿੰਸੀਪਲ ਨੂੰ ਨਿਰਦੇਸ਼ ਦਿੱਤੇ ਗਏ ਇਸ ਖੇਡ ਵਿੰਗ ਦੀ ਹਾਲਤ ਸੁਧਾਰੀ ਜਾਵੇ ਅਤੇ ਇਸ ਖੇਡ ਵਿੰਗ ਨੂੰ ਸਕੂਲ ਦੀ ਵਰਤੋਂ 'ਚ ਲਿਆਂਦਾ ਜਾਵੇ । ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲ ਦੇ ਕਲਾਸ ਰੂਮਾਂ ਅਤੇ ਸਕੂਲ ਦੀ ਲੈਬ ਦਾ ਦੌਰਾ ਵੀ ਕੀਤਾ ਗਿਆ ਅਤੇ ਬੱਚਿਆਂ ਦੇ ਨਾਲ ਗੱਲਬਾਤ ਕੀਤੀ ਗਈ । ਇਸ ਮੌਕੇ ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਅੰਦਰ ਸਰਕਾਰੀ ਸਕੂਲਾਂ 'ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਹਨ । ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਲਈ ਉਹ ਸਰਕਾਰੀ ਸਕੂਲਾਂ ਦਾ ਖੁਦ ਦੌਰਾ ਕਰ ਰਹੇ ਹਨ ਅਤੇ ਸਕੂਲਾਂ ਦੀਆਂ ਕਮੀਆਂ ਬਾਰੇ ਖੁਦ ਜਾਣਕਾਰੀ ਲੈ ਰਹੇ ਹਨ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਪੂਰੇ ਦੇਸ਼ 'ਚੋਂ ਅੱਵਲ ਦਰਜੇ ਦੇ ਸਕੂਲ ਬਣਾਇਆ ਜਾਵੇਗਾ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Education Minister, Gurmeet Singh Meet Hayer