ਸੁੱਖਵਿੰਦਰ ਸਾਕਾ
ਸ੍ਰੀ ਕੀਰਤਪੁਰ ਸਾਹਿਬ, ਰੂਪਨਗਰ : ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਛੇ ਰੋਜ਼ਾ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਪਹਿਲਾ ਪੜਾਅ ਦਾ ਇਤਿਹਾਸਕ ਧਰਤੀ ਸ੍ਰੀ ਕੀਰਤਪੁਰ ਸਾਹਿਬ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੇ ਨਾਲ ਆਰੰਭ ਹੋ ਗਿਆ । ਇਸ ਮੌਕੇ ਪਹਿਲੇ ਪਡ਼ਾਅ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ। ਇਸ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਵੱਲੋਂ ਮੁੱਖ ਵਾਕ ਲਿਆ ਗਿਆ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਸੰਗਤਾਂ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਗਿਆ ਕਿ ਸੰਗਤ ਸਿੱਖ ਪੰਥ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਵਿੱਚ ਹੁੰਮ ਹੁਮਾ ਕੇ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚਣ ਅਤੇ ਗੁਰੂਘਰਾਂ ਵਿੱਚ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ । ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਕੀਰਤਪੁਰ ਸਾਹਿਬ ਅਤੇ ਆਨੰਦਪੁਰ ਸਾਹਿਬ ਆਉਣ ਮੌਕੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕਰਨ ਅਤੇ ਨਾ ਹੀ ਆਪਣੇ ਮੋਟਰਸਾਈਕਲ ਸਕੂਟਰ ਆਦਿ ਦੇ ਸਾਈਲੈਂਸਰ ਖੋਲ੍ਹਣ ਨਾ ਕੋਈ ਭਿਆਨਕ ਆਵਾਜ਼ਾਂ ਕੱਢਣ ਵਾਲੇ ਯੰਤਰ ਆਪਣੇ ਮੋਟਰਸਾਈਕਲਾਂ ਵਿੱਚ ਫਿੱਟ ਕਰਵਾਉਣ।
ਉਨ੍ਹਾਂ ਨੌਜਵਾਨਾਂ ਨੂੰ ਬੇਨਤੀ ਕੀਤੀ ਕਿ ਉਹ ਸ਼ਰਧਾ ਸਤਿਕਾਰ ਦੇ ਨਾਲ ਗੁਰੂ ਘਰਾਂ ਵਿੱਚ ਨਤਮਸਤਕ ਹੋਣ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸੰਗਤ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ । ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ 250 ਦੇ ਕਰੀਬ ਲੰਗਰ ਲਗਾਏ ਗਏ ਹਨ ਅਤੇ ਸੰਗਤ ਦੀ ਰਿਹਾਇਸ਼ ਲਈ ਸਰਾਵਾਂ ਅਤੇ ਆਰਜ਼ੀ ਟੈਂਟ ਸਿਟੀ ਦਾ ਪ੍ਰਬੰਧ ਕੀਤਾ ਗਿਆ ਹੈ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Holi, Holi celebration, Punjab