ਬਠਿੰਡਾ : ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਕੋਟ ਫੱਤਾ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਬਠਿੰਡਾ ਵਿਖੇ ਦਾਖ਼ਲ ਕੀਤੇ ਗਏ । ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸਾਬਕਾ ਡੀ ਈ ਓ ਅਮਰਜੀਤ ਕੌਰ ਕੋਟਫੱਤਾ ਨੇ ਬਤੌਰ ਕਵਰਿੰਗ ਉਮੀਦਵਾਰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਇਸ ਮੌਕੇ ਉਨ੍ਹਾਂ ਦੇ ਨਾਲ।
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਕਾਰ ਸਿੰਘ ਬਰਾੜ ,ਜਗਸੀਰ ਸਿੰਘ ਜੱਗਾ ਕਲਿਆਣ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੀ ਸ਼ਾਮਲ ਸਨ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਰਸ਼ਨ ਸਿੰਘ ਕੋਟ ਫੱਤਾ, ਬਲਕਾਰ ਸਿੰਘ ਬਰਾੜ ਅਤੇ ਜਗਸੀਰ ਸਿੰਘ ਜੱਗਾ ਕਲਿਆਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵੇਲੇ ਪੰਜਾਬ ਦੇ ਹੋਏ ਚਹੁੰ ਮੁਖੀ ਵਿਕਾਸ ਦੇ ਨਾਮ ਤੇ ਵੋਟਾਂ ਦੀ ਮੰਗ ਕਰਕੇ ਜਿੱਤ ਦਰਜ ਕਰਾਂਗੇ , ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਰਕਾਰ ਬਣਨ ਤੇ ਪੰਜਾਬ ਦੇ ਹਿੱਤ ਵਿੱਚ ਉਲੀਕੇ 13 ਨੁਕਾਤੀ ਪ੍ਰੋਗਰਾਮ ਸੂਬੇ ਦੀ ਤਸਵੀਰ ਬਦਲਣ ਵਿੱਚ ਸਹਾਈ ਸਿੱਧ ਹੋਣਗੇ, ਜਦੋਂ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰ ਵਰਗ ਦੁਖੀ ਹੈ ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦੋਗਲੇ ਚਿਹਰੇ ਤੋਂ ਲੋਕ ਭਲੀ ਭਾਂਤ ਜਾਣੂ ਹਨ ਤੇ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਅੱਜ ਦੇ ਹਾਲਾਤ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਬਣੇਗੀ ।
ਦਰਸ਼ਨ ਸਿੰਘ ਕੋਟ ਫੱਤਾ ਨੇ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਲਈ ਵੋਟ ਦੀ ਮੰਗ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਨੂੰ ਵਿਕਾਸ ਦੀ ਰਾਹ ਤੇ ਤੋਰਨ ਅਤੇ ਹਰ ਵਰਗ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵੱਡੇ ਯਤਨ ਕੀਤੇ ਜਾਣਗੇ। ਇਸ ਮੌਕੇ ਆਗੂਆਂ ਵੱਲੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਆਪਣੇ ਗਲ ਵਿੱਚ ਪਾਏ ਹਾਰ ਉਤਾਰ ਕੇ ਡਾ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਤੇ ਪਾਉਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪਰਚਾ ਦਰਜ ਕਰਨ ਦੀ ਮੰਗ ਕੀਤੀ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bathinda, Goa-assembly-elections-2022, Punjab Election 2022