ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਕੇਂਦਰੀ ਜੇਲ੍ਹ ਤੋਂ ਰਿਹਾਈ ਤੋਂ ਪਹਿਲਾਂ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਅਤੇ ਸੀਨੀਅਰ ਆਗੂ ਲਾਲ ਸਿੰਘ ਉਨ੍ਹਾਂ ਨੂੰ ਮਿਲਣ ਲਈ ਜੇਲ੍ਹ ਪੁੱਜੇ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸਿੱਧੂ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਜੇਲ੍ਹ ਤੋਂ ਰਿਹਾਅ ਹੋਣ ਵਾਲੇ ਕੈਦੀਆਂ ਦੀ ਸੂਚੀ ਵਿੱਚ ਸ਼ਾਮਲ ਹਨ।ਕਾਂਗਰਸ ਪਾਰਟੀ ਦੀ ਭਾਰਤ ਜੋੜੋ ਯਾਤਰਾ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਅਤੇ ਸ਼ਮਸ਼ੇਰ ਸਿੰਘ ਦੂਲੋ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਨਾਲ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਦੋਵਾਂ ਕਾਂਗਰਸੀ ਆਗੂਆਂ ਨੇ ਨਵਜੋਤ ਸਿੰਘ ਸਿੱਧੂ ਦੇ ਨਾਲ ਕੀਤੀ ਇਸ ਮੁਲਾਕਾਤ ਨੂੰ ਆਮ ਮੁਲਾਕਾਤ ਦੱਸਿਆ ਹੈ।ਪਰ ਨਵਜੋਤ ਸਿੱਧੂ ਦੇ ਨਾਲ ਇਨ੍ਹਾਂ ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਕੀਤੀ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਫੇਰੀ ਸੀ ਅਤੇ ਇਸ ਦੇ ਨਾਲ ਹੀ ਉਨਾਂ ਨੇ ਕਿਹਾ, "ਸਾਨੂੰ ਖੁਸ਼ੀ ਹੋਵੇਗੀ ਜੇਕਰ ਸਿੱਧੂ 26 ਜਨਵਰੀ ਨੂੰ ਰਿਹਾਅ ਹੋ ਜਾਂਦੇ ਹਨ।"
ਲਾਲ ਸਿੰਘ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਦੇ ਪਿਤਾ ਅਤੇ ਮਾਤਾ ਸੀਨੀਅਰ ਕਾਂਗਰਸੀ ਆਗੂ ਸਨ। ਅਸੀਂ ਸਿਰਫ਼ ਸਿੱਧੂ ਨੂੰ ਮਿਲਣ ਆਏ ਹਾਂ।”ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸਬੰਧੀ ਮੀਟਿੰਗ ਵਿੱਚ ਸ਼ਾਮਲ ਹੋਏ ਦੋਵਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸੀ ਆਗੂਆਂ ਅਤੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਲਾਲ ਸਿੰਘ ਨੇ ਇਸ ਦੌਰਾਨ ਸਿੱਧੂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਰਮਿਆਨ ਅਸਹਿਮਤੀ ਦੇ ਦਾਅਵਿਆਂ ਨੂੰ ਨਕਾਰ ਦਿੱਤਾ ਅਤੇ ਇਹ ਕਿਹਾ ਕਿ ਦੋਵੇਂ ਆਗੂ ਕਾਂਗਰਸ ਪਾਰਟੀ ਦੇ ਲਈ ਮਿਲ ਕੇ ਕੰਮ ਕਰਨਗੇ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਇਕਜੁੱਟ ਹੈ।ਇਸ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਮਹਿੰਦਰ ਕੇਪੀ ਨੇ ਵੀ ਸਿੱਧੂ ਨਾਲ ਮੁਲਾਕਾਤ ਕੀਤੀ।
ਤੁਹਾਨੂੰ ਦੱਸ ਦਈਏ ਕਿ ਕੰਨਿਆ ਕੁਮਾਰੀ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ 10 ਜਨਵਰੀ ਪੰਜਾਬ ਪਹੁੰਚੇਗੀ ਅਤੇ 11 ਜਨਵਰੀ ਨੂੰ ਇਹ ਯਾਤਰਾ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ।ਹਰ ਰੋਜ਼ ਇਹ ਯਾਤਰਾ 25 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ ਅਤੇ 10 ਦਿਨਾਂ ਬਾਅਦ ਇਹ ਯਾਤਰਾ ਪਠਾਨਕੋਟ ਵਿਖੇ ਆਪਣੇ ਅੰਤਿਮ ਮੁਕਾਮ 'ਤੇ ਪਹੁੰਚੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Congress, Lal singh, Patiala jail