
ਸੁਖਬੀਰ ਬਾਦਲ ਨੂੰ ਆਪਣੀ ਗ੍ਰਿਫਤਾਰੀ ਦਾ ਡਰ ਸਤਾ ਰਿਹਾ ਹੈ, ਤਾਹੀਂ ਰੌਲਾ ਪਾ ਰਹੇ ਨੇ: ਪਰਮਿੰਦਰ ਢੀਂਡਸਾ
ਮਨੋਜ ਸ਼ਰਮਾ
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਅੱਜ ਇਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪਾਰਟੀ ਦੇ ਨੇਤਾ ਪਰਮਿੰਦਰ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਆਦਿ ਪਹੁੰਚੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੰਯੁਕਤ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਦੇ ਨਾਲ ਫਿਲਹਾਲ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਬਾਰੇ ਕੋਈ ਗੱਲ ਜਾਂ ਫ਼ੈਸਲਾ ਨਹੀਂ ਕਰ ਸਕਦਾ ਕਿਉਂਕਿ ਪਾਰਟੀ ਦੇ ਆਗੂ ਸਭ ਤੋਂ ਪਹਿਲਾਂ ਬੈਠ ਕੇ ਇਹ ਸੋਚਣਗੇ ਕਿ ਇਸ ਬਾਰੇ ਕਿਸ ਤਰ੍ਹਾਂ ਦਾ ਫ਼ੈਸਲਾ ਲਿਆ ਜਾਵੇ।
ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਉਨ੍ਹਾਂ ਨੂੰ ਗਠਜੋੜ ਦੀ ਆਫਰ ਆਈ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨੇ ਅਜੇ ਅਜਿਹਾ ਕੋਈ ਫ਼ੈਸਲਾ ਨਹੀਂ ਕੀਤਾ ਜਾਂ ਕੋਈ ਐਲਾਨ ਸਾਡੇ ਨਾਲ ਮਿਲ ਕੇ ਨਹੀਂ ਕੀਤਾ ਕਿਉਂਕਿ ਪਰਮਿੰਦਰ ਸਿੰਘ ਢੀਂਡਸਾ, ਸੁਖਦੇਵ ਸਿੰਘ ਢੀਂਡਸਾ ਦੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਿਰਫ ਕੁਝ ਸਮੇਂ ਲਈ ਹੀ ਗੱਲ ਹੋਈ ਸੀ।
ਉਨ੍ਹਾਂ ਕਿਹਾ ਕਿ ਸਾਡੇ ਲਈ ਪੰਜਾਬ ਦੇ ਹਿੱਤ ਸਭ ਤੋਂ ਉਪਰ ਅਤੇ ਜਿਹੜੀ ਪਾਰਟੀ ਪੰਜਾਬ ਦੇ ਹਿੱਤਾਂ ਦੀ ਗੱਲ ਕਰੇਗੀ, ਅਸੀਂ ਉਸ ਦੇ ਨਾਲ ਖੜਾਂਗੇ। ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਕਹਿਣਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਾਉਣਾ ਚਾਹੁੰਦੀ ਹੈ ਪਰ ਪੁਲਿਸ ਅਧਿਕਾਰੀ ਨਹੀਂ ਮੰਨ ਰਹੇ ਅਤੇ ਛੁੱਟੀ ਉਤੇ ਜਾ ਰਹੇ ਹਨ, ਨੂੰ ਨਿਰਾ ਡਰਾਮਾ ਅਤੇ ਉਨ੍ਹਾਂ ਦੇ ਮਨ ਦਾ ਡਰ ਹੀ ਦੱਸਿਆ।
ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਨ੍ਹਾਂ ਨੇ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੱਗੇ ਵੀ ਪ੍ਰਦਰਸ਼ਨ ਕੀਤਾ ਸੀ ਕਿ ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਬਲਕਿ ਸਾਨੂੰ ਗ੍ਰਿਫ਼ਤਾਰ ਕਰੋ, ਪਰ ਅਜਿਹਾ ਕੁਝ ਵੀ ਨਹੀਂ ਹੋਇਆ ਕਿਉਂਕਿ ਸੁਖਬੀਰ ਸਿੰਘ ਬਾਦਲ ਨੂੰ ਖੁਦ ਗਿ੍ਫ਼ਤਾਰੀ ਦਾ ਡਰ ਸਤਾ ਰਿਹਾ ਹੈ ਤਾਂ ਜੋ ਖੁਦ ਹੀ ਰੌਲਾ ਪਾ ਕੇ ਇਸ ਪਾਸੇ ਧਿਆਨ ਹਟਾਉਣਾ ਚਾਹੁੰਦੇ ਹਨ, ਜਾਂ ਲੋਕਾਂ ਦੀ ਹਮਦਰਦੀ ਹਾਸਲ ਕਰਨਾ ਚਾਹੁੰਦੇ ਹਨ।
ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪੰਜਾਬ ਦੇ ਹਿੱਤਾਂ ਉਤੇ ਪਹਿਰਾ ਦੇਣ ਵਾਲੀ ਪਾਰਟੀ ਹੈ ਅਤੇ ਕਿਸਾਨੀ ਅੰਦੋਲਨ ਦੇ ਸਮਾਪਤ ਹੋਣ ਨਾਲ ਸਾਨੂੰ ਬੜੀ ਖੁਸ਼ੀ ਹੋਈ ਹੈ ਕਿਉਂਕਿ ਇਹ ਜਿੱਤ ਕਿਸਾਨਾਂ ਦੀ ਹੈ। ਇਸ ਲਈ ਹੁਣ ਸੁਖਾਵੇਂ ਮਾਹੌਲ ਵਿਚ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣਗੀਆਂ ਕਿਉਂਕਿ ਕਿਸਾਨ ਸਿਰਫ਼ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਸੀ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸੰਯੁਕਤ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।