ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਟੁੱਟਣਾ ਅਤਿ ਮੰਦਭਾਗਾ : ਸੁਖਦੇਵ ਸਿੰਘ ਢੀਂਡਸਾ

News18 Punjabi | News18 Punjab
Updated: October 14, 2020, 5:46 PM IST
share image
ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਟੁੱਟਣਾ ਅਤਿ ਮੰਦਭਾਗਾ : ਸੁਖਦੇਵ ਸਿੰਘ ਢੀਂਡਸਾ
ਕੇਂਦਰ ਸਰਕਾਰ ਕਿਸਾਨਾਂ ਦੇ ਸ਼ੰਕਿਆਂ ਨੂੰ ਤੁਰੰਤ ਦੂਰ ਕਰੇ- ਸੁਖਦੇਵ ਸਿੰਘ ਢੀਂਡਸਾ (file photo)

ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਦੇਸ਼ ਦਾ ਢਿੱਡ ਭਰਿਆ ਹੁਣ ਸਰਕਾਰਾਂ ਦੀ ਜ਼ਿੰਮੇਵਾਰੀ ਕਿ ਉਹ ਕਿਸਾਨਾਂ ਦੀ ਬਾਂਹ ਫੜੇ

  • Share this:
  • Facebook share img
  • Twitter share img
  • Linkedin share img
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨੀ ਬਿੱਲਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਸਕੱਤਰ ਵਿਚਾਲੇ ਇਨ੍ਹਾਂ ਬਿੱਲਾਂ ਨੂੰ ਲੈ ਕੇ ਹੋਈ ਮੀਟਿੰਗ ਬੇਸਿੱਟਾ ਖ਼ਤਮ ਹੋਣ ਉੱਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਮੀਡੀਆ ਨੂੰ ਜਾਰੀ ਪ੍ਰੈੱਸ ਬਿਆਨ ਰਾਹੀਂ ਸ. ਢੀਂਡਸਾ ਨੇ ਕਿਹਾ ਕਿ ਕਿਸਾਨਾਂ ਨੇ ਹਮੇਸ਼ਾ ਹੀ ਦੇਸ਼ ਦਾ ਢਿੱਡ ਭਰਿਆ ਹੈ ਅਤੇ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਦੇ ਸ਼ੰਕਿਆਂ ਨੂੰ ਦੂਰ ਕਰਦੇ ਹੋਏ ਇਸ ਸਮੱਸਿਆ ਦਾ ਹੱਲ ਲੱਭੇ। ਉਨ੍ਹਾਂ ਕਿਹਾ ਕਿ ਇਹ ਅਤਿ ਮੰਦਭਾਗਾ ਹੈ ਕਿ ਕਿਸਾਨ ਨੇਤਾਵਾਂ ਨੂੰ ਪ੍ਰਧਾਨ ਮੰਤਰੀ ਤਾਂਕਿ ਕਿਸੇ ਮੰਤਰੀ ਨਾਲ ਵੀ ਨਹੀਂ ਮਿਲਵਾਇਆ ਗਿਆ ਜਿਸ ਕਾਰਨ ਕਿਸਾਨਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਰਹਿ ਗਈਆ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੂੰ ਸੰਤੁਸ਼ਟ ਕੀਤੇ ਬਿਨਾਂ ਪੰਜਾਬ ਅਤੇ ਦੇਸ਼ ਵਿੱਚ ਰੋਸ ਪ੍ਰਦਰਸ਼ਨ ਖ਼ਤਮ ਨਹੀਂ ਕੀਤੇ ਜਾ ਸਕਦੇ।

ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਔਖੇ ਵੇਲੇ ਹਰੀ ਕ੍ਰਾਂਤੀ ਲਿਆ ਕੇ ਸਾਰੇ ਦੇਸ਼ ਦਾ ਢਿੱਡ ਭਰਿਆ ਸੀ ਪ੍ਰੰਤੂ ਸਮੇਂ ਦੀਆਂ ਵੱਖ ਵੱਖ ਸਰਕਾਰਾਂ ਨੇ ਕਿਸਾਨਾਂ ਦੀ ਬਾਂਹ ਫੜਨ ਦੀ ਥਾਂ ਉਨ੍ਹਾਂ ਨਾਲ ਹਮੇਸ਼ਾ ਧੱਕਾ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਕਿਸਾਨਾਂ ਨੇ ਹਮੇਸ਼ਾ ਹੀ ਸਰਕਾਰਾਂ ਦੇ ਹੁਕਮਾਂ ਦੀ ਤਾਕੀਦ ਕਰਦੇ ਹੋਏ ਆਪਣਾ ਨੁਕਸਾਨ ਕਰਵਾ ਕੇ ਵੀ ਦੇਸ਼ ਲਈ ਕਾਰਜ ਕੀਤਾ ਹੈ ਪ੍ਰੰਤੂ ਸਰਕਾਰ ਹੁਣ ਉਨ੍ਹਾਂ ਦੀ ਫ਼ਸਲ ਚੁੱਕਣ ਤੋਂ ਵੀ ਮੁਨਕਰ ਹੋ ਰਹੀ ਹੈ ਜੋ ਕਿ ਅਤਿ ਮੰਦਭਾਗਾ ਹੈ। ਢੀਂਡਸਾ ਨੇ ਕਿਹਾ ਕਿ ਉਹ ਸਰਕਾਰ ਪਾਸੋਂ ਮੰਗ ਕਰਦੇ ਹਨ ਕਿ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਦੇ ਮੁੱਦਿਆਂ ਨੂੰ ਸੁਲਝਾਵੇ ਤਾਂ ਜੋ ਪੰਜਾਬ ਸਮੇਤ ਸਾਰੇ ਦੇਸ਼ ਵਿੱਚ ਕਿਸਾਨਾਂ ਨਾਲ ਹੋ ਰਹੇ ਧੱਕੇ ਨੂੰ ਰੋਕਿਆ ਜਾ ਸਕੇ।

ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਖੁਦ ਕਣਕ ਅਤੇ ਝੋਨੇ ਦੇ ਚੱਕਰ ਵਿੱਚੋਂ ਨਿਕਲਣਾ ਚਾਹੁੰਦੇ ਹਨ ਪ੍ਰੰਤੂ ਉਨ੍ਹਾਂ ਨੂੰ ਇਸ ਸਬੰਧੀ ਕੋਈ ਠੋਸ ਰਣਨੀਤੀ ਨਹੀਂ ਪ੍ਰਦਾਨ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰਾਂ ਹੀ ਫ਼ਸਲੀ ਵਿਭਿੰਨਤਾ ਨੂੰ ਲਾਗੂ ਕਰਨ ਵਿੱਚ ਫੇਲ ਸਾਬਿਤ ਹੋਈਆਂ ਹਨ ਜਿਸ ਕਾਰਨ ਪੰਜਾਬ ਦੇ ਕਿਸਾਨ ਕਣਕ ਅਤੇ ਝੋਨੇ ਦੇ ਚੱਕਰ ਵਿੱਚ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਗੰਭੀਰਤਾ ਨਾਲ ਇਸ ਕਾਰਜ ਨੂੰ ਅੰਜਾਮ ਦੇਵੇ ਅਤੇ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜੇ। ਕਿਸਾਨ ਆਗੂਆਂ ਨੂੰ ਭਰੋਸਾ ਦਿੰਦੇ ਹੋਏ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਹਮੇਸ਼ਾਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇਗਾ।
Published by: Ashish Sharma
First published: October 14, 2020, 5:46 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading