SIDHARTH ARORA
ਤਰਨ ਤਾਰਨ- ਪੰਜਾਬ ਵਿੱਚ ਅੱਤਵਾਦੀਆਂ ਦੀ ਗ੍ਰਿਫਤਾਰੀ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਦੇ ਵਿੱਚ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੇ ਪਰਿਵਾਰ ਨੇ ਉਨ੍ਹਾਂ ਨੂੰ ਦਿੱਤੀ ਗਈ ਪੁਲਿਸ ਸੁਰੱਖਿਆ ਅਤੇ ਐਨਆਈਏ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦੇ ਹੋਏ ਮਰਨ ਦੇ ਲਈ ਰਾਸ਼ਟਰਪਤੀ ਤੋਂ ਇਜਾਜ਼ਤ ਮੰਗੀ ਹੈ।ਉਨ੍ਹਾਂ ਆਖਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਮਾਮਲੇ ਦੀ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਰਹੀ ਹੈ। ਇਸੇ ਕਰਕੇ ਦੋਸ਼ੀ ਲਗਾਤਾਰ ਬਰੀ ਹੋ ਰਹੇ ਹਨ। ਦੂਜੇ ਪਾਸੇ ਪੰਜਾਬ ਪੁਲਿਸ ਉਨ੍ਹਾਂ ਨੂੰ ਸਹੀ ਸੁਰੱਖਿਆ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੇ 2 ਅਕਤੂਬਰ ਨੂੰ ਰਾਸ਼ਟਰਪਤੀ ਭਵਨ ਜਾ ਕੇ ਸ਼ੌਰਿਆ ਚੱਕਰ ਵਾਪਸ ਕਰਨ ਦਾ ਫੈਸਲਾ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ 17 ਅਕਤੂਬਰ, 2020 ਨੂੰ ਅੱਤਵਾਦੀਆਂ ਨੇ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੇ ਘਰ ਭਿਖੀਵਿੰਡ ਵਿੱਚ ਦਾਖਲ ਹੋ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।ਕਾਮਰੇਡ ਬਲਵਿੰਦਰ ਸਿੰਘ ਸੰਧੂ ਜਿਨ੍ਹਾਂ ਨੇ ਅੱਤਵਾਦ ਦੇ ਸਮੇਂ ਦਹਿਸ਼ਤਗਰਦਾਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਨੂੰ ਉਨ੍ਹਾਂ ਦੇ ਘਰ ਵਿੱਚ ਗੋਲੀ ਮਾਰ ਦਿੱਤੀ ਗਈ। ਭਿੱਖੀਵਿੰਡ ਦੇ ਵਾਸੀ ਸੰਧੂ 'ਤੇ ਅੱਤਵਾਦੀਆਂ ਨੇ ਕੁੱਲ 42 ਹਮਲੇ ਕੀਤੇ ਸਨ। ਸੰਧੂ ਨੇ ਆਪਣੀ ਪਤਨੀ, ਭਰਾ ਅਤੇ ਭਰਜਾਈ ਨਾਲ ਅੱਤਵਾਦੀਆਂ ਦਾ ਮੁਕਾਬਲਾ ਕੀਤਾ। ਚਾਰਾਂ ਨੂੰ ਰਾਸ਼ਟਰਪਤੀ ਦੁਆਰਾ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀ ਬਹਾਦਰੀ 'ਤੇ ਕਈ ਦਸਤਾਵੇਜ਼ੀ ਫਿਲਮਾਂ ਵੀ ਬਣੀਆਂ।
ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਪਤਨੀ ਜਗਦੀਸ਼ ਕੌਰ ਨੇ ਕਿਹਾ ਕਿ ਸ਼ੌਰਿਆ ਚੱਕਰ ਨੂੰ ਵਾਪਸ ਕਰਨ ਦਾ ਫੈਸਲਾ ਕੀਤਾ ਹੈ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਮਾਮਲੇ ਦੀ ਜਾਂਚ ਆਪਣੇ ਹੱਥ ਵਿੱਚ ਲੈ ਕੇ ਦੋਸ਼ੀਆਂ ਪ੍ਰਤੀ ਨਰਮੀ ਦਿਖਾਈ ਹੈ। ਇਸ ਤੋਂ ਬਾਅਦ ਅਦਾਲਤ ਨੇ ਮੁਕੱਦਮੇ ਨਾਲ ਸਬੰਧਤ 13 ਦੋਸ਼ੀਆਂ ਨੂੰ ਬਰੀ ਕਰ ਦਿੱਤਾ। ਇਸ ਦੇ ਨਾਲ ਹੀ ਅੱਠਾਂ ਨੂੰ ਜ਼ਮਾਨਤ ਮਿਲ ਗਈ। ਹਾਲਾਂਕਿ 31 ਅਗਸਤ ਨੂੰ ਮੋਹਾਲੀ ਦੀ ਐਨਆਈਏ ਅਦਾਲਤ ਵਿੱਚ ਅੱਠ ਅੱਤਵਾਦੀਆਂ ਦੇ ਖਿਲਾਫ ਦੋਸ਼ ਆਇਦ ਕੀਤੇ ਗਏ ਹਨ। ਪੁਲਿਸ ਨੇ ਕੋਰੋਨਾ ਪੀਰੀਅਡ ਦੇ ਬਹਾਨੇ ਮਾਰਚ 2020 ਵਿੱਚ ਸੁਰੱਖਿਆ ਵਾਪਸ ਲੈ ਲਈ ਸੀ। ਬਲਵਿੰਦਰ ਸਿੰਘ ਸੰਧੂ ਦੀ 17 ਅਕਤੂਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ। ਇਸ ਦੇ ਬਾਵਜੂਦ ਪੁਲਿਸ ਉਸਦੇ ਪਰਿਵਾਰ ਦੀ ਸੁਰੱਖਿਆ ਵਿੱਚ ਢਿੱਲੀ ਹੈ। ਜਗਦੀਸ਼ ਕੌਰ ਨੇ ਆਪਣੇ ਬੇਟੇ ਅਰਸ਼ਦੀਪ ਅਤੇ ਭਰਾ ਗੁਲਸ਼ਨਬੀਰ ਸਿੰਘ ਦੀ ਹਾਜ਼ਰੀ ਵਿੱਚ ਕਿਹਾ ਕਿ ਉਸ ਦੇ ਪਰਿਵਾਰ ਦੇ ਪੰਜ ਮੈਂਬਰ ਹਿੱਟ ਲਿਸਟ ਵਿੱਚ ਹਨ ਪਰ ਸੁਰੱਖਿਆ ਦੇ ਨਾਂ ’ਤੇ ਸਿਰਫ ਤਿੰਨ ਗੰਨਮੈਨ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Tarn taran