ਆਸ਼ੀਸ਼ ਸ਼ਰਮਾ
ਬਰਨਾਲਾ: ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਅੱਜ ਡੈਪੂਟੇਸ਼ਨ ਉਤੇ ਚੱਲ ਰਹੇ ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ।
ਧਰਨਾ ਲਗਾਉਣ ਤੋਂ ਪਹਿਲਾਂ ਈਟੀਟੀ ਅਧਿਆਪਕ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮਿਲੇ ਅਤੇ ਆਪਣੀਆਂ ਸਮੱਸਿਆਵਾਂ ਦੱਸੀਆਂ। ਮੀਤ ਹੇਅਰ ਵੱਲੋਂ ਵਿਸ਼ਵਾਸ ਦੁਆਇਆ ਗਿਆ ਕਿ ਸਿੱਖਿਆ ਵਿਭਾਗ ਵਿਚ ਆਉਣ ਵਾਲੇ ਦਿਨਾਂ ਵਿਚ ਨਵੀਂਆਂ ਨੀਤੀਆਂ ਬਣਾਈਆਂ ਜਾਣਗੀਆਂ, ਜਿਸ ਲਈ ਸਰਕਾਰ ਨੂੰ ਕੁਝ ਸਮਾਂ ਦੇਣ ਦੀ ਲੋੜ ਹੈ।
ਉਨ੍ਹਾਂ ਈਟੀਟੀ ਅਧਿਆਪਕਾਂ ਨੂੰ ਡੈਪੂਟੇਸ਼ਨਾਂ ਸੰਬੰਧੀ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ।ਉਥੇ ਇਸ ਮੌਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਵਾਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਉਹ ਡੈਪੂਟੇਸ਼ਨ ਉਤੇ ਆਪਣੇ ਸਟੇਸ਼ਨਾਂ ਨੂੰ ਛੱਡ ਕੇ 200 ਤੋਂ 300 ਕਿਲੋਮੀਟਰ ਦੂਰ ਡਿਊਟੀ ਕਰ ਰਹੇ ਹਨ, ਜੋ ਸਰਾਸਰ ਵਿਭਾਗ ਦੀ ਪਾਲਿਸੀ ਦੇ ਖ਼ਿਲਾਫ਼ ਹੈ।
ਉਨ੍ਹਾਂ ਦੱਸਿਆ ਕਿ 31 ਮਾਰਚ 2022 ਤੱਕ ਸਾਰੇ ਅਧਿਆਪਕਾਂ ਜਿਹਨਾਂ ਦੀ ਡੈਪੂਟੇਸ਼ਨ ਉਤੇ ਬਦਲੀ ਹੋਈ ਸੀ, ਉਸ ਨੂੰ 1 ਅਪ੍ਰੈਲ ਤੇ 2022 ਡੈਪੂਟੇਸ਼ਨ ਖਤਮ ਕਰਨ ਦੇ ਆਦੇਸ਼ ਜਾਰੀ ਹੋਏ ਸਨ, ਪਰ ਅਜੇ ਤੱਕ ਇਹ ਡੈਪੂਟੇਸ਼ਨ ਖਤਮ ਕਰਕੇ ਉਨ੍ਹਾਂ ਨੂੰ ਫਰੀ ਨਹੀਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਉਹ ਘਰ ਤੋਂ ਸਕੂਲ ਦੀ ਜ਼ਿਆਦਾ ਦੂਰੀ ਕਾਰਨ ਰੋਜ਼ਾਨਾ ਲੇਟ ਹੋ ਜਾਂਦੇ ਹਨ ਅਤੇ ਸਕੂਲ ਲੇਟ ਪਹੁੰਚਣ 'ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹੀ ਜ਼ਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਦੂਜੀਆਂ ਸਰਕਾਰਾਂ ਵਾਂਗ ਹੀ ਕੰਮ ਕਰ ਰਹੀ ਹੈ ਅਤੇ ਅਧਿਆਪਕਾਂ ਸਮੇਤ ਹੋਰ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agitation, Bhagwant Mann, Bhagwant Mann Cabinet, Punjab government