ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਵਿਰੋਧੀ ਧਿਰ ਵੱਲੋਂ ਵਿਧਾਨ ਸਭਾ 'ਚ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੰਮ ਰੋਕੂ ਮਤਾ ਪੇਸ਼ ਕੀਤਾ ਸੀ, ਪਰ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਇਹ ਮਤਾ ਰੱਦ ਕਰ ਦਿੱਤਾ। ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਵੈੱਲ 'ਚ ਜਾ ਕੇ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਇਸ ਦੌਰਾਨ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਬਾਬਾ ਸਾਹਿਬ ਦੀ ਫੋਟੋ ਤਾਂ ਲਾਉਂਦੀ ਹੈ ਪਰ ਦਲਿਤ ਵਰਗ ਨੂੰ ਕੱਝ ਦੇਣਾ ਨਹੀਂ ਚਾਹੁੰਦੀ।
ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਿਧਾਨ ਸਭਾ ਸਕੱਤਰੇਤ ਦੇ ਮੁਲਾਜ਼ਮਾਂ ਦੇ ਕੰਮ ਪ੍ਰਭਾਵਤ ਕੀਤਾ ਜਾ ਰਿਹਾ ਹੈ। ਜੇ ਕਰ ਪ੍ਰੀਵਲੇਜ ਬਣਦਾ ਹੋਇਆ ਤਾਂ ਇਸ ਲਈ ਕਾਰਵਾਈ ਕੀਤੀ ਜਾਵੇਗੀ। ਜਿਸ ਤੋਂ ਬਾਅਦ ਕਾਂਗਰਸ ਦੇ ਵਿਧਾਇਕਾਂ ਨੇ ਵਿਧਾਨਸਭਾ ਤੋਂ ਵਾਕਆਊਟ ਕਰ ਦਿੱਤਾ।
ਪੰਜਾਬ ਵਿਧਾਨਸਭਾ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਏਅਰਪੋਰਟ ਦਾ ਨਾਂ ਰੱਖਣ ਦਾ ਮਤਾ ਪੇਸ਼ ਕੀਤਾ ਜਿਸ ਨੂੰ ਸਹਿਮਤੀ ਦੇ ਨਾਲ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਏਅਰਪੋਰਟ ਤੋਂ ਜੂਨ ਦੇ ਦੂਜੇ ਹਫ਼ਤੇ ਘਰੇਲੂ ਉਡਾਣਾਂ ਸ਼ੁਰੂ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਵਿਧਾਨਸਭਾ ਦੀ ਕਾਰਵਾਈ ਦੌਰਾਨ ਮਨਪ੍ਰੀਤ ਇਯਾਲੀ ਨੇ ਨੌਜਵਾਨਾਂ 'ਤੇ ਐੱਨਐਸਏ ਲਗਾਉਣ ’ਤੇ ਇਤਰਾਜ ਜਤਾਉਂਦਿਆਂ ਕਿਹਾ ਕਿ ਜੋ ਲੋਕ ਕਸੂਰਵਾਰ ਹਨ ਉਨ੍ਹਾਂ ਖਿਲਾਫ਼ ਦੇ ਕਾਨੂੰਨ ਦੇ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇ । ਪਰ ਪੰਜਾਬ ਵਿੱਚ ਐੱਨਐਸਏ ਲਗਾ ਕੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਬੇਕਸੂਰ ਨੌਜਵਾਨਾਂ ਨੂੰ ਪਿੰਡਾਂ 'ਚੋਂ ਚੁੱਕ ਕੇ ਦਹਿਸ਼ਤ ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਗ੍ਰਿਫ਼ਤਾਰ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਤਾਂ ਜੋ ਪੰਜਾਬ ਵਿਚ ਚੰਗਾ ਮਾਹੌਲ ਸਿਰਜਿਆ ਜਾ ਸਕੇ।
ਪੰਜਾਬ ਭਾਜਪਾ ਪ੍ਰਧਾਨ ਅਤੇ ਪਠਾਨਕੋਟ ਤੋਂ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਹਿੰਦੁਸਤਾਨ ਦਾ ਵਾਸੀ ਨਾ ਹੋਣ ਦੀ ਗੱਲ ਕਹੀ ਹੈ, ਉਹ ਭਾਈਚਾਰਕ ਸਾਂਝ ਤੋੜਨ ਦੀ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਨੂੰ ਕਾਂਗਰਸ ਆਪਣੇ ਨਾਲ ਜੋੜ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਹਿਮਾਇਤ ਕੀਤੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਮੁੱਦੇ 'ਤੇ ਭਾਜਪਾ ਉਨ੍ਹਾਂ ਦੇ ਨਾਲ ਹੈ।ਇਸ ਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੇਕਸੂਰ ਲੋਕਾਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ।
ਸਿਫ਼ਰ ਕਾਲ ਦੌਰਾਨ ਵਿਧਾਇਕ ਕਰਮਜੀਤ ਸਿੰਘ ਬੋਲ ਰਹੇ ਸਨ ਤਾਂ ਸਭਿਆਚਾਰਕ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸਦਨ ਵਿੱਚ ਪ੍ਰਵੇਸ਼ ਕਰਦੇ ਹੋਏ ਆਪਣੀ ਸੀਟ 'ਤੇ ਚਲੇ ਗਏ ਤਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਤਰੀ ਨੂੰ ਵਰਜਿਆ ਦੇ ਕਿਹਾ ਕਿ ਜਦੋਂ ਕੋਈ ਵੀ ਮੈਂਬਰ ਬੋਲ ਰਿਹਾ ਹੋਵੇ ਤਾਂ ਨਿਯਮਾਂ ਅਨੁਸਾਰ ਕ੍ਰਾਸ ਨਹੀਂ ਕੀਤਾ ਜਾ ਸਕਦਾ। ਮੰਤਰੀ ਨੇ ਗਲਤੀ ਮਹਿਸੂਸ ਕਰਦਿਆ "ਸੌਰੀ" ਮੰਗੀ। ਸਪੀਕਰ ਨੇ ਸਦਨ ਦੇ ਸਾਰੇ ਮੈਂਬਰਾਂ ਨੂੰ ਧਿਆਨ ਰੱਖਣ ਲਈ ਕਿਹਾ।
ਇਸ ਦੇ ਨਾਲ ਹੀ ਵਿਧਾਇਕ ਅੰਮ੍ਰਿਤਪਾਲ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਉਨ੍ਹਾਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਦੀ ਮੰਗ ਕੀਤੀ।
ਪੰਜਾਬ ਵਿਧਾਨ ਸਭਾ ਇਜਲਾਸ ਦੌਰਾਨ ਅੰਮ੍ਰਿਤਪਾਲ ਨੂੰ ਲੈ ਕੇ ਵਿਰੋਧੀ ਧਿਰ ਦੀ ਰਣਨੀਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਅੰਦਰਲੀ ਰਣਨੀਤੀ ਤੈਅ ਕਰਨ ਲਈ ਆਪਣੇ ਸਾਰੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਉਨ੍ਹਾਂ ਨੂੰ ਹਾਵੀ ਨਾ ਹੋਣ ਦੇਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Cm Bhagwant Maan, Punjab government, Punjab Vidhansabha