ਚੰਡੀਗੜ੍ਹ- ਕੋਟਕਪੂਰਾ ਗੋਲੀ ਕਾਂਡ 'ਚ ਚਾਰਜਸ਼ੀਟ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਖਲ ਕੀਤੀ ਹੈ। ਕੋਟਕਪੂਰਾ ਗੋਲੀਕਾਂਡ ਵਿੱਚ ਦਾਖਲ ਪਟੀਸ਼ਨ 'ਤੇ ਸੁਣਵਾਈ 14 ਮਾਰਚ ਨੂੰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ ਹੋਵੇਗੀ। ਦੱਸ ਦਈਏ ਕਿ ਕੋਟਕਪੂਰਾ ਗੋਲੀਬਾਰੀ ਦੇ ਮਾਮਲੇ ਵਿੱਚ ਐਸ.ਆਈ.ਟੀ. ਨੇ ਫਰੀਦਕੋਟ ਜ਼ਿਲ੍ਹਾ ਅਦਾਲਤ ਵਿੱਚ 24 ਫਰਵਰੀ ਨੂੰ ਚਾਰਜਸ਼ੀਟ ਦਾਇਰ ਕੀਤੀ ਸੀ। ਜਿਸ 'ਤੇ 6 ਮਾਰਚ ਨੂੰ JMIC ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਸਮੇਤ ਅਤੇ ਹੋਰ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।
ਕਾਬਲੇ ਗੌਰ ਹੈ ਕਿ ਐਸਆਈਟੀ ਵੱਲੋਂ ਦਾਖਲ ਚਾਰਜਸ਼ੀਟ ਵਿੱਚ ਬਾਦਲ ਪਿਓ-ਪੁੱਤ ਅਤੇ ਸਾਬਕਾ ਡੀਜੀਪੀ ਸੈਣੀ ਸਮੇਤ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਂ ਸ਼ਾਮਲ ਸਨ।
ਜਾਣੋ ਕੀ ਸੀ ਮਾਮਲਾ
ਦੱਸ ਦਈਏ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਚੱਲ ਰਹੇ ਪ੍ਰਦਰਸ਼ਨਾਂ ਨੂੰ ਪੁਲਿਸ ਨੇ 14 ਅਕਤੂਬਰ ਨੂੰ ਬਲ ਵਰਤ ਕੇ ਖਤਮ ਕਰ ਦਿੱਤਾ ਸੀ। ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਦਕਿ ਕੋਟਕਪੂਰਾ ਗੋਲੀ ਕਾਂਡ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਸਨ। ਸਾਲ 2018 ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚਾਰਜਸ਼ੀਟ ਕੀਤਾ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Court, Faridkot, Kotkapura firing, Parkash Singh Badal, Sukhbir Badal