
ਗਾਇਬ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਐਸਜੀਪੀਸੀ ਅਗਲੀ ਕਰਵਾਈ ਦੀ ਤਿਆਰੀ 'ਚ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਬਲੀਕੇਸ਼ਨ ਵਿਭਾਗ ਵਿੱਚੋਂ ਘੱਟ ਪਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਮੁਲਾਜ਼ਮਾਂ ਖਿਲਾਫ਼ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ 27 ਅਗਸਤ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਫੈਸਲੇ ਅਨੁਸਾਰ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਵਾਏ ਜਾਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।
ਇਸ ਸਬੰਧ ਵਿਚ ਅੱਜ ਲੌਂਗੋਵਾਲ ਨੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਬ-ਕਮੇਟੀ ਗਠਿਤ ਕਰ ਦਿੱਤੀ ਹੈ। ਇਸ ਕਮੇਟੀ ਵਿਚ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਐਡਵੋਕੇਟ ਬਲਤੇਜ ਸਿੰਘ ਢਿੱਲੋਂ ਸਾਬਕਾ ਜ਼ਿਲ੍ਹਾ ਅਟਾਰਨੀ ਅਤੇ ਐਵਡੋਕੇਟ ਮਹਿੰਦਰ ਸਿੰਘ ਗਿੱਲ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਮੁਤਾਬਿਕ ਕਾਨੂੰਨੀ ਕਾਰਵਾਈ ਲਈ ਸਾਰੇ ਜ਼ਰੂਰੀ ਦਸਤਾਵੇਜ਼ ਤਿਆਰ ਕਰਕੇ ਉਕਤ ਦੋਸ਼ੀਆਂ ਖਿਲਾਫ ਕਾਰਵਾਈ ਕਰਵਾਵੇਗੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਜਾਂਚ ਕਮਿਸ਼ਨ ਦੀ ਰਿਪੋਰਟ ਦੇ ਅਧਾਰ ’ਤੇ ਅੰਤ੍ਰਿੰਗ ਕਮੇਟੀ ਦੇ ਫੈਸਲੇ ਨੂੰ ਲਾਗੂ ਕਰਨ ਲਈ ਵਕੀਲਾਂ ਦਾ ਪੈਨਲ ਬਣਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਜੋ ਫੈਸਲਾ ਲਿਆ ਹੈ, ਉਸ ਅਨੁਸਾਰ ਦੋਸ਼ੀਆਂ ਉੱਪਰ ਕੇਸ ਦਰਜ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਨੇ ਬੇਹੱਦ ਪਾਰਦਰਸ਼ੀ ਢੰਗ ਨਾਲ ਪੜਤਾਲ ਕਰਕੇ ਰਿਪੋਰਟ ਦਿੱਤੀ ਹੈ। ਇਸ ਰਿਪੋਰਟ ਅਨੁਸਾਰ ਹੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਖ਼ਤ ਫੈਸਲਾ ਲਿਆ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਗਿਆ। ਈਸ ਮਾਮਲੇ ’ਤੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਸ਼੍ਰੋਮਣੀ ਕਮੇਟੀ ਇਸ ਸਬੰਧ ਵਿਚ ਬੇਹੱਦ ਸਖ਼ਤ ਹੈ ਅਤੇ ਸੰਗਤਾਂ ਦੀ ਭਾਵਨਾਵਾਂ ਅਨੁਸਾਰ ਹੀ ਕਾਰਵਾਈ ਕਰ ਰਹੀ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।