ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਇਹ ਮੁੱਦਾ ਉਠਾ ਰਹੇ ਹਨ ਕਿ ਇੱਕ ਕਾਨੂੰਨ ਬਣਾਇਆ ਜਾਵੇ ਕਿ ਹਰ ਕਿਸਾਨ ਦੀ ਟਿਊਬਵੈੱਲ ਨੇੜੇ ਦਸ ਬੂਟੇ ਲਗਾਉਣ ਦੀ ਜ਼ਿੰਮੇਵਾਰ ਤੈਅ ਕੀਤੀ ਜਾਵੇ, ਉਸ ਦਾ ਬਕਾਇਦਾ ਕਾਰਡ ਬਣਾਇਆ ਜਾਵੇ, ਜੋ ਕਿ ਹਰ ਪੰਜ ਸਾਲ ਬਾਅਦ ਰੀਨਿਊ ਹੋਵੇ। ਸੰਗਰੂਰ ਦੇ ਇੱਕ ਗੁਰਦਆਰੇ ਵਿਖੇ ਰੱਖੀ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਭਾਕਿਯੂ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਇਸ ਗੱਲ ਦਾ ਪ੍ਰਗਟਾਵਾ ਕੀਤਾ ਹੈ।
ਇਸ ਤੋਂ ਇਲਾਵਾ ਰਾਜੇਵਾਲ ਨੇ ਕਿਹਾ ਕਿ ਪੰਜ ਮਰਲੇ ਦੇ ਘਰ ਵਿੱਚ ਦੋ ਬੂਟੇ ਅਤੇ ਦਸ ਮਰਲੇ ਦੇ ਘਰ ਵਿਚ ਚਾਰ ਬੂਟੇ ਲਗਾਉਣੇ ਲਾਜ਼ਮੀ ਕੀਤੇ ਜਾਣ। ਇਨ੍ਹਾਂ ਦਾ ਵੀ ਕਾਰਡ ਬਣਾਇਆ ਜਾਵੇ। ਜੇ ਕੋਈ ਇਸ ਕਾਨੂੰਨ ਦੀ ਉਲੰਘਣਾ ਕਰਦਾ ਹੈ ਕਿ ਤਾਂ ਉਸ ਦਾ ਸਰਕਾਰੇ-ਦਰਬਾਰੇ ਕੋਈ ਕੰਮ ਨਾ ਕੀਤਾ ਜਾਵੇ।
ਰਾਜੇਵਾਲ ਨੇ ਪੰਜਾਬ ਦੇ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਪੰਜਾਬ ਸਰਕਾਰ ਤੋਂ ਇਹ ਮੁੱਦੇ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਹੈ। ਰਾਜੇਵਾਲ ਨੇ ਕਿਹਾ ਕਿ ਜੇ ਸਰਕਾਰ ਨੇ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਜੁਲਾਈ ਮਹੀਨੇ ਤੱਕ ਕੋਈ ਕਦਮ ਨਾ ਚੁੱਕੇ ਤਾਂ ਜਥੇਬੰਦੀ ਅਗਸਤ ਮਹੀਨੇ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਵੇਗੀ। ਉਨ੍ਹਾਂ ਕਿਹਾ ਕਿ ਬਰਸਾਤ ਸ਼ੁਰੂ ਹੁੰਦਿਆਂ ਹੀ ਯੂਨੀਅਨ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਕਿਸਾਨ ਆਗੂ ਨੇ ਪੰਜਾਬ ’ਚ ਲਗਾਤਾਰ ਹੇਠਾਂ ਜਾ ਰਹੇ ਪਾਣੀ ਦੇ ਪੱਧਰ ’ਤੇ ਫਿਕਰਮੰਦੀ ਜ਼ਾਹਿਰ ਕਰਦਿਆਂ ਕਿਹਾ ਕਿ ਭਵਿੱਖ ਲਈ ਹਾਲਾਤ ਸੁਖਾਵੇਂ ਨਹੀਂ ਹਨ ਕਿਉਂਕਿ ਅਸੀਂ ਧਰਤੀ ਹੇਠਲੇ ਪਾਣੀ ਦੀ ਅਖੀਰਲੀ ਤੈਅ ਦਾ ਪਾਣੀ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਯੂਐੱਸਏ ਦੀ ਇੱਕ ਕੰਪਨੀ ਨੇ ਖ਼ੁਦ ਨੂੰ ਪਾਣੀ ਵੇਚਣ ਲਈ ਰਜਿਸਟਰਡ ਕਰਵਾਇਆ ਹੈ ਅਤੇ ਦਾਅਵਾ ਕੀਤਾ ਹੈ ਕਿ ਸੰਨ 2025 ਤੱਕ ਦੁਨੀਆ ਦੀ ਦੋ ਤਿਹਾਈ ਆਬਾਦੀ ਪਾਣੀ ਤੋਂ ਵਾਂਝੀ ਹੋਵੇਗੀ।
ਰਾਜੇਵਾਲ ਨੇ ਕਿਹਾ ਕਿ ਪਾਣੀ ਦੀ ਜਿਹੜੇ ਰਾਜਾਂ ਨੂੰ ਐਲੋਕੇਸ਼ਨ ਹੋਈ ਹੈ, ਉਸ ਅਨੁਸਾਰ ਦਿੱਲੀ, ਰਾਜਸਥਾਨ, ਹਰਿਆਣਾ ਆਪਣੇ ਹਿੱਸੇ ਦਾ ਪਾਣੀ ਲੈ ਜਾਂਦੇ ਹਨ ਪਰ ਪੰਜਾਬ ਨਾਲ ਠੱਗੀ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਸਾਰੇ ਦਰਿਆਵਾਂ ਦੇ ਪਾਣੀਆਂ ਦਾ ਇੱਕ ਵਾਰ ਅਸੈਸਮੈਂਟ ਹੋਣਾ ਚਾਹੀਦਾ ਹੈ ਅਤੇ ਇਹ ਕਾਨੂੰਨ ਵੀ ਹੈ ਕਿ ਹਰ ਦਸ ਸਾਲ ਬਾਅਦ ਅਸੈਸਮੈਂਟ ਹੋਣੀ ਚਾਹੀਦੀ ਹੈ ਪਰ ਸੰਨ 1960-61 ਮਗਰੋਂ ਕੋਈ ਅਸੈਸਮੈਂਟ ਨਹੀਂ ਹੋਈ।
ਕਿਸਾਨ ਆਗੂ ਰਾਜੇਵਾਲ ਨੇ ਕਿਹਾ ਕਿ ਵਾਤਾਵਰਨ ਅਤੇ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਜੁਲਾਈ ਮਹੀਨੇ ’ਚ ਇੱਕ ਨੋਟਿਸ ਦਿੱਤਾ ਜਾਵੇਗਾ, ਜੇਕਰ ਸਰਕਾਰ ਨੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਅਗਸਤ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural, Bhagwant Mann, Environment, Farmers Protest