• Home
  • »
  • News
  • »
  • punjab
  • »
  • THERE WILL BE POLITICAL PARTICIPATION OF ALL SECTIONS IN PUNJAB GAJENDER SINGH SHEKHAWAT

ਪੰਜਾਬ 'ਚ ਹਰ ਵਰਗ ਦੀ ਸਿਆਸੀ ਹਿੱਸੇਦਾਰੀ ਹੋਵੇਗੀ: ਗਜੇਂਦਰ ਸਿੰਘ ਸ਼ੇਖਾਵਤ

'ਨਵਾਂ ਪੰਜਾਬ - ਭਾਜਪਾ ਦੇ ਨਾਲ' ਮੁਹਿੰਮ ਦੀ ਸ਼ੁਰੂਆਤ

ਪੰਜਾਬ ਕਾਂਗਰਸ ਸਰਕਾਰ 'ਤੇ ਭੰਬਲਭੂਸਾ ਫੈਲਾਉਣ ਦਾ ਦੋਸ਼ (file photo)

  • Share this:
ਚੰਡੀਗੜ੍ਹ:  ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ‘ਨਵਾਂ ਪੰਜਾਬ-ਭਾਜਪਾ ਦੇ ਨਾਲ’ ਦੇ ਨਾਅਰੇ ਨਾਲ ਪਾਰਟੀ ਵਰਕਰ ਲੋਕਾਂ ਤੱਕ ਪਹੁੰਚ ਕਰਨਗੇ। ਭਾਜਪਾ ਮਾਫੀਆ ਰਾਜ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਪੰਜਾਬ ਨੂੰ ਖੁਸ਼ਹਾਲ ਬਣਾਉਣ ਦੇ ਸੰਕਲਪ ਨਾਲ ਚੋਣਾਂ ਵਿੱਚ ਉਤਰੇਗੀ। ਪੰਜਾਬ ਦੇ ਹਰ ਵਰਗ ਨੂੰ ਉਸ ਦੀ ਆਬਾਦੀ ਦੇ ਅਨੁਪਾਤ ਵਿੱਚ ਸਿਆਸੀ ਹਿੱਸਾ ਦਿੱਤਾ ਜਾਵੇਗਾ। ਇਸ ਮੌਕੇ ਹਰਦੀਪ ਪੁਰੀ, ਤਰੁਣ ਚੁੱਘ, ਦੁਸ਼ਯੰਤ ਗੌਤਮ, ਵਿਨੋਦ ਚਾਵੜਾ, ਡਾ: ਨਰਿੰਦਰ ਸਿੰਘ, ਦਿਨੇਸ਼ ਕੁਮਾਰ, ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਆਦਿ ਹਾਜ਼ਰ ਸਨ |

ਗਜੇਂਦਰ ਸਿੰਘ ਸ਼ੇਖਾਵਤ ਨੇ ਮਿਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੋਂ ਨਿਰਾਸ਼ ਹੋ ਕੇ ਭਾਜਪਾ ਵੱਲ ਆਸ ਨਾਲ ਵੇਖ ਰਹੇ ਹਨ। ਮੋਦੀ ਜੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਿਛਲੇ ਸੱਤ ਸਾਲਾਂ ਵਿੱਚ ਪੰਜਾਬ ਅਤੇ ਪੰਜਾਬੀਆਂ ਲਈ ਇਤਿਹਾਸਕ ਕੰਮ ਕੀਤੇ ਹਨ। SIT ਬਣਾ ਕੇ 1984 ਦੇ ਦੰਗਾਕਾਰੀਆਂ ਨੂੰ ਸਜ਼ਾਵਾਂ ਦਿਵਾਉਣਾ, ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਬਣਾਉਣਾ, ਕਾਲੀ ਸੂਚੀ ਖਤਮ ਕਰਨਾ, ਲੰਗਰ ਨੂੰ ਜੀ.ਐਸ.ਟੀ. ‘ਤੋਂ ਬਾਹਰ ਰੱਖਣਾ, ਸ੍ਰੀ ਹਰਿਮੰਦਰ ਸਾਹਿਬ ਜੀ ਨੂੰ ਐਫਸੀਆਰਏ ਦੇਣਾ, ਬਠਿੰਡਾ ਵਿੱਚ ਏਮਜ਼, ਅੰਮ੍ਰਿਤਸਰ ਵਿੱਚ ਆਈ.ਆਈ.ਐਮ., , ਸੰਗਰੂਰ ਤੇ ਫਿਰੋਜ਼ਪੁਰ ਪੀਜੀਆਈ ਦੇ ਸੈਟੇਲਾਈਟ ਸੈਂਟਰ, ਦੋ ਨਵੇਂ ਹਵਾਈ ਅੱਡੇ, ਸੈਰ-ਸਪਾਟੇ ਦੇ ਨਵੇਂ ਸਰਕਟ, ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟ ਵਰਗੇ ਕੰਮ ਕਰ ਰਹੇ ਹਨ, ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਭਾਜਪਾ ਪ੍ਰਤੀ ਭਰੋਸਾ ਵਧਿਆ ਹੈ।

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਨੇ ਸਾਰੀਆਂ ਸੀਟਾਂ 'ਤੇ ਆਪਣੇ ਪ੍ਰਮੁੱਖ ਆਗੂਆਂ ਨੂੰ ਇੰਚਾਰਜ ਲਾਇਆ ਹੈ। ਹਰ ਸੀਟ 'ਤੇ ਬੂਥ ਪੱਧਰ 'ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਚੱਲ ਰਿਹਾ ਹੈ। ਪਾਰਟੀ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ। ਪਿਛਲੇ 6 ਮਹੀਨਿਆਂ ਵਿੱਚ 5 ਹਜ਼ਾਰ ਤੋਂ ਵੱਧ ਸਮਾਜਿਕ ਅਤੇ ਸਿਆਸੀ ਵਰਕਰ ਪਾਰਟੀ ਵਿੱਚ ਸ਼ਾਮਲ ਹੋਏ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਪਾਰਟੀ ਦੀ ਲੋਕਪ੍ਰਿਅਤਾ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਖੇਤੀ ਕਾਨੂੰਨਾਂ ਦੇ ਮੁੱਦੇ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹਨ ਅਤੇ ਇਸ ਮੁੱਦੇ ਨੂੰ ਹੱਲ ਕਰਨ ਲਈ ਗੰਭੀਰਤਾ ਨਾਲ ਯਤਨਸ਼ੀਲ ਹਨ। ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਸਰਕਾਰ ਕਿਸਾਨ ਜਥੇਬੰਦੀਆਂ ਵੱਲੋਂ ਉਠਾਏ ਮੁੱਦਿਆਂ ਦੇ ਆਧਾਰ ’ਤੇ ਕਾਨੂੰਨਾਂ ਵਿੱਚ ਸੋਧ ਕਰਨ ਲਈ ਵੀ ਤਿਆਰ ਹੈ। ਕਾਨੂੰਨਾਂ ਨੂੰ ਡੇਢ ਸਾਲ ਲਈ ਮੁਅੱਤਲ ਕਰਨ ਦੀ ਸਰਕਾਰ ਦੀ ਤਜਵੀਜ਼ ਇਸ ਮੁੱਦੇ ਨੂੰ ਹੱਲ ਕਰਨ ਦੀ ਸਾਰਥਕ ਕੋਸ਼ਿਸ਼ ਸੀ, ਜਿਸ ਤੋਂ ਬਾਅਦ ਅੰਦੋਲਨ ਖਤਮ ਹੋ ਜਾਣਾ ਚਾਹੀਦਾ ਸੀ। ਫਿਰ ਵੀ ਸਰਕਾਰ ਖੁੱਲ੍ਹੇ ਦਿਮਾਗ ਨਾਲ ਇਸ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ। ਕੇਂਦਰ ਸਰਕਾਰ ਵੱਲੋਂ ਕਣਕ ਅਤੇ ਝੋਨੇ ਦੀ ਫ਼ਸਲ ਦੀ ਸਿੱਧੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਭਾਵੇਂ ਪੰਜਾਬ ਸਰਕਾਰ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਸਮੇਤ ਕਈ ਹੋਰ ਪਾਰਟੀਆਂ ਨੇ ਇਸ ਕਦਮ ਦਾ ਸਖ਼ਤ ਵਿਰੋਧ ਕੀਤਾ ਸੀ, ਪਰ ਕੇਂਦਰ ਸਰਕਾਰ ਨੇ ਇਸ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਕਰੀਬ 8 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 24 ਹਜ਼ਾਰ ਕਰੋੜ ਰੁਪਏ ਸਿੱਧੇ ਜਮ੍ਹਾਂ ਕਰਵਾਏ ਹਨ। ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵੀ ਵਧਾ ਦਿੱਤਾ ਹੈ, ਇਹ ਅੰਕੜੇ ਵਿਰੋਧੀ ਧਿਰ ਦੇ ਝੂਠੇ ਪ੍ਰਚਾਰ ਦਾ ਜਵਾਬ ਹਨ, ਕਿਉਂਕਿ ਭਾਜਪਾ ਸ਼ਾਸਿਤ ਰਾਜਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਅਤੇ ਸਰਕਾਰੀ ਖਰੀਦ ਵਧ ਰਹੀ ਹੈ। ਇਸ ਦੇ ਨਾਲ ਹੀ ਡੀਏਪੀ ਦੀਆਂ ਕੀਮਤਾਂ ਵਿੱਚ ਵਾਧੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ 2400 ਰੁਪਏ ਦੀ ਬਜਾਏ 1200 ਰੁਪਏ ਵਿੱਚ ਖਾਦ ਮੁਹੱਈਆ ਕਰਵਾ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਪੰਜਾਬ ਦੇ 23,33,598 ਕਿਸਾਨਾਂ ਦੇ ਖਾਤਿਆਂ ਵਿੱਚ 26,73,26,56,000 ਰੁਪਏ (ਕਰੀਬ 27 ਅਰਬ ਰੁਪਏ) ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਪੰਜਾਬ ਦੇ ਕਿਸਾਨਾਂ ਨੂੰ 17 ਲੱਖ ਤੋਂ ਵੱਧ ਸੋਇਲ ਹੈਲਥ ਕਾਰਡ, ਨੀਮ ਕੋਟੇਡ-ਯੂਰੀਆ, ਈ-ਨਾਮ ਪਲੇਟਫਾਰਮ ਆਦਿ ਮੁਹੱਈਆ ਕਰਵਾਏ ਗਏ ਹਨ।

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ 10 ਸੂਬਿਆਂ ਅਤੇ ਦੋ ਕੇਂਦਰ ਸ਼ਾਸਤ ਰਾਜਾਂ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ‘ਚ ਬਦਲ ਕੀਤਾ ਗਿਆ ਹੈ। ਪੰਜਾਬ ਸਮੇਤ ਸਰਹੱਦੀ ਰਾਜਾਂ ਗੁਜਰਾਤ, ਰਾਜਸਥਾਨ, ਪੱਛਮੀ ਬੰਗਾਲ, ਅਸਾਮ ਆਦਿ ਵਿੱਚ ਇਹ ਖੇਤਰ 50 ਕਿ.ਮੀ. ਕੀਤਾ ਗਿਆ ਹੈI ਪੰਜਾਬ ‘ਚ ਕਾਂਗਰਸ ਸਰਕਾਰ ਅਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਇਸ ਮੁੱਦੇ ’ਤੇ ਕੀਤੀ ਜਾ ਰਹੀ ਸਿਆਸਤ ਦੀ ਭਾਜਪਾ ਸਖ਼ਤ ਨਿਖੇਧੀ ਕਰਦੀ ਹੈ। ਭਾਜਪਾ ਦਾ ਸਪੱਸ਼ਟ ਵਿਚਾਰ ਹੈ ਕਿ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਮੁੱਦਿਆਂ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਪੰਜਾਬ ਇੱਕ ਸੰਵੇਦਨਸ਼ੀਲ ਸੂਬਾ ਹੈ, ਜਿਸ ਨੇ ਪਿਛਲੇ ਸਮੇਂ ਵਿੱਚ ਪਾਕਿਸਤਾਨ ਸਪਾਂਸਰਡ ਅੱਤਵਾਦ ਦਾ ਸਾਹਮਣਾ ਕੀਤਾ ਹੈ। ਪਿਛਲੇ ਕੁਝ ਮਹੀਨਿਆਂ ਵਿੱਚ ਜਿਸ ਤਰ੍ਹਾਂ ਸਰਹੱਦ ਪਾਰੋਂ ਡਰੋਨ ਰਾਹੀਂ ਡਰਗਸ ਅਤੇ ਹਥਿਆਰ ਆ ਰਹੇ ਹਨ, ਉਸ 'ਤੇ ਤਤਕਾਲੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਕਈ ਵਾਰ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਪਿਛਲੇ ਹਫ਼ਤੇ ਹੀ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਹੋਈ ਹੈ। ਇਸੇ ਤਰ੍ਹਾਂ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਕਾਰਨ ਵੀ ਇਹ ਸਮੱਸਿਆ ਲਗਾਤਾਰ ਵਧ ਰਹੀ ਹੈ। ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੌਰਾਨ ਇਸ ਵਿਸ਼ੇ 'ਤੇ ਚਿੰਤਾ ਪ੍ਰਗਟਾਈ ਹੈ। ਇਨ੍ਹਾਂ ਹਾਲਾਤਾਂ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣਾ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਚੰਗਾ ਹੈ। ਪੰਜਾਬ ਦੇ ਲੋਕ ਵਧੇਰੇ ਸੁਰੱਖਿਅਤ ਮਹਿਸੂਸ ਕਰਨਗੇ ਅਤੇ ਨਸ਼ਿਆਂ ਦੀ ਸਮੱਸਿਆ 'ਤੇ ਵੀ ਕਾਬੂ ਪਾਉਣਾ ਆਸਾਨ ਹੋਵੇਗਾ, ਇਸ ਲਈ ਵਿਰੋਧੀ ਪਾਰਟੀਆਂ ਨੂੰ ਇਸ ਵਿਸ਼ੇ ਨੂੰ ਸਿਆਸੀ ਹਿੱਤਾਂ ਲਈ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਕਾਂਗਰਸ 'ਚ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਸਰਕਾਰ ਹਰ ਫਰੰਟ 'ਤੇ ਨਾਕਾਮ ਸਾਬਤ ਹੋਈ ਹੈ। ਇਸ ਲਈ ਪੰਜਾਬ ਦੇ ਅਸਲ ਮੁੱਦਿਆਂ ਜਿਵੇਂ ਕਿ ਡਰੱਗਸ, ਮਾਫੀਆ ਰਾਜ, ਬੇਅਦਬੀ ਦਾ ਇਨਸਾਫ਼, ਭ੍ਰਿਸ਼ਟਾਚਾਰ, ਉਦਯੋਗਾਂ ਦਾ ਪਲਾਇਨ, ਅਮਨ-ਕਾਨੂੰਨ ਦੀ ਵਿਗੜਦੀ ਹਾਲਤ, ਵਧ ਰਹੀ ਬੇਰੁਜ਼ਗਾਰੀ, ਮੰਦਹਾਲ ਆਰਥਿਕਤਾ ਆਦਿ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਖੇਤੀਬਾੜੀ ਕਾਨੂੰਨਾਂ ਅਤੇ ਬੀਐਸਐਫ ਵਰਗੇ ਮੁੱਦਿਆਂ 'ਤੇ ਭੰਬਲਭੂਸਾ ਫੈਲਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ 8 ਨਵੰਬਰ ਨੂੰ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਵੀ ਅਜਿਹਾ ਹੀ ਇੱਕ ਉਪਰਾਲਾ ਹੈ। ਭਾਜਪਾ ਇਨ੍ਹਾਂ ਚਾਲਾਂ ਅਤੇ ਕੁਰੀਤੀਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।
Published by:Ashish Sharma
First published:
Advertisement
Advertisement