ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬੇ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ ਹੈ ਅਤੇ ਇਸ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਨੂੰ 2 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਚੰਨੀ ਨੇ ਇਹ ਐਲਾਨ ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਐਜੂਕੇਸ਼ਨ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ (ਸੋਧ) ਬਿੱਲ, 2021’ ਪਾਸ ਕੀਤੇ ਜਾਣ ਤੋਂ ਬਾਅਦ ਕੀਤਾ।
ਚੰਨੀ ਨੇ ਟਵੀਟ ਕੀਤਾ, “ਪੰਜਾਬ ਵਿੱਚ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ 1 ਤੋਂ 10ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਗਿਆ ਹੈ। ਇਸ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ ਦੋ ਲੱਖ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਹੁਣ ਦਫ਼ਤਰਾਂ ਵਿੱਚ ਪੰਜਾਬੀ ਲਾਜ਼ਮੀ ਹੈ। ਨਾਲ ਹੀ ਸੂਬੇ ਦੇ ਸਾਰੇ ਬੋਰਡਾਂ ਦੇ ਉੱਪਰ ਪੰਜਾਬੀ ਲਿਖੀ ਜਾਵੇਗੀ।
ਦੱਸ ਦੇਈਏ ਕਿ ਇਸ ਸੋਧ ਦਾ ਮਕਸਦ ਸੂਬੇ ਵਿੱਚ ਪਹਿਲੀ ਤੋਂ 10ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਪੜ੍ਹਾਉਣਾ ਲਾਜ਼ਮੀ ਕਰਨਾ ਹੈ। ਅਜਿਹੇ 'ਚ ਇਸ ਨਿਯਮ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ 2 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਇਸ ਤੋਂ ਬਚਣ ਲਈ ਸਕੂਲਾਂ ਨੂੰ ਲਾਜ਼ਮੀ ਤੌਰ 'ਤੇ ਇਸ ਨੂੰ ਆਪਣੇ ਪਾਠਕ੍ਰਮ ਵਿੱਚ ਸ਼ਾਮਲ ਕਰਨਾ ਹੋਵੇਗਾ।
ਕਾਬਲੇਗੌਰ ਹੈ ਕਿ ਸ਼ੁਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਮੌਕੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪਰਗਟ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021’ ਤੇ ‘ ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021’ ਪੇਸ਼ ਕੀਤੇ ਗਏ ਜੋ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ। ਸੂਬਾ ਭਰ ਦੇ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਲਈ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021’ ਪਾਸ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, Punjab government, Punjabi, School