ਮੌਸਮ ਵਿਭਾਗ ਦੇ ਮੁਤਾਬਕ ਉੱਤਰ ਭਾਰਤ ਵਿੱਚ ਆਉਣ ਵਾਲੇ ਕੁਝ ਦਿਨਾਂ ਤੱਕ ਮੌਸਮ ਠੰਡਾ ਰਹੇਗਾ । ਮੌਸਮ ਵਿਭਾਗ ਨੇ ਪੰਜਾਬ ਦੇ ਲਈ ਸ਼ੁੱਕਰਵਾਰ ਨੂੰ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ । ਵੀਰਵਾਰ ਦੀ ਗੱਲ ਕੀਤੀ ਜਾਵੇ ਤਾਂ ਵੀਰਵਾਰ ਨੂੰ ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਸਭ ਤੋਂ ਜ਼ਿਆਦਾ 22 ਐਮਐਮ ਮੀਂਹ ਦਰਜ਼ ਕੀਤਾ ਗਿਆ ਸੀ ਅਤੇ ਸ਼ਨੀਵਾਰ ਨੂੰ ਵੀ ਅਜਿਹੇ ਹੀ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਦੇ ਮੁਤਾਬਕ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇਲਾਕਿਆਂ ਵਿੱਚ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋ ਸਕਦੀ ਹੈ ।
ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ,ਗੁਰਦਾਸਪੁਰ,ਹੁਸ਼ਿਆਰਪੁਰ,ਜਲੰਧਰ,ਕਪੂਰਥਲਾ,ਨਵਾਂਸ਼ਹਿਰ,ਲੁਧਿਆਣਾ,ਮੋਹਾਲੀ,ਚੰਡੀਗੜ੍ਹ ਅਤੇ ਪਟਿਆਲਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ । ਇਸ ਤੋਂ ਇਲਾਵਾ ਪੰਜਾਬ ਦੇ ਬਾਕੀ ਜ਼ਿ ਲ੍ਹਿਆਂ ਦੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਨੇ ਮੀਂਹ ਦੇ ਨਾਲ-ਨਾਲ ਗੜੇ੍ਹਮਾਰੀ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ 30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਹੈ।
ਖਰਾਬ ਮੌਸਮ ਨਾਲ ਵਧਣਗੀਆਂ ਕਿਸਾਨਾਂ ਦੀਆਂ ਪਰੇਸ਼ਾਨੀਆਂ
ਮੌਸਮ ਵਿਗਿਆਨੀਆਂ ਮੁਤਾਬਕ ਅਜਿਹਾ ਮੀਂਹ ਦਸੰਬਰ, ਜਨਵਰੀ ਅਤੇ ਫਰਵਰੀ ਦੇ ਅੱਧ ਵਿੱਚ ਦੇਖਣ ਨੂੰ ਮਿਲਦਾ ਹੈ। ਫਿਰ ਇਹ ਫ਼ਸਲਾਂ ਲਈ ਵੀ ਲਾਹੇਵੰਦ ਹੈ ਪਰ ਮਾਰਚ ਦੇ ਮਹੀਨੇ ਵੈਸਟਰਨ ਡਿਸਟਰਬੈਂਸ ਕਾਰਨ ਪੈਦਾ ਹੋਈ ਸਥਿਤੀ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।ਖਰਾਬ ਮੌਸਮ ਦੇ ਕਾਰਬ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਣ ਜਾ ਰਹੀਆਂ ਹਨ ਕਿਉਂਕਿ ਮੀਂਹ ਅਤੇ ਗੜ੍ਹੇਮਾਰੀ ਫਸਲਾਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਆਉਣ ਵਾਲੇ ਕੁਝ ਦਿਨਾਂ ਨੂੰ ਕਣਕ ਦੀ ਫਸਲ ਦੀ ਵਾਢੀ ਸ਼ੁਰੂ ਹੋਣ ਜਾ ਰਹੀ ਹੈ। ਅਜਿਹੇ ਵਿੱਚ ਖਰਾਬ ਮੌਸਮ ਅਤੇ ਮੀਂਹ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ। ਤੇਜ਼ ਹਵਾਵਾਂ ਕਾਰਨ ਕਣਕ ਦੀ ਫ਼ਸਲ ਖੇਤਾਂ ਵਿੱਚ ਡਿੱਗ ਰਹੀਆਂ ਹਨ, ਜਿਸ ਦਾ ਸਿੱਧਾ ਅਸਰ ਕਣਕ ਦੇ ਝਾੜ ’ਤੇ ਪਵੇਗਾ। ਦੂਜੇ ਪਾਸੇ ਅਜਿਹੇ ਮੌਸਮ ਵਿੱਚ ਗੜ੍ਹੇਮਾਰੀ ਹੁੰਦੀ ਹੈ ਤਾਂ ਇਸ ਨਾਲ ਕਿਸਾਨਾਂ ਦੀ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੋਵੇਗਾ।
ਮੀਂਹ ਪੈਣ ਨਾਲ ਤਾਪਮਾਨ ਵਿੱਚ ਆਈ ਗਿਰਾਵਟ
ਤੁਹਾਨੂੰ ਦੱਸ ਦਈਏ ਕਿ ਵੀਰਵਾਰ ਨੂੰ ਪੂਰੇ ਪੰਜਾਬ 'ਚ ਪਏ ਮੀਂਹ ਤੋਂ ਬਾਅਦ ਦਿਨ ਦੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਸਵੇਰੇ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਪਿਛਲੇ ਦਿਨ ਨਾਲੋਂ 1 ਤੋਂ 2 ਡਿਗਰੀ ਤੱਕ ਘੱਟ ਰਿਕਾਰਡ ਕੀਤਾ ਗਿਆ ਹੈ। ਦੂਜੇ ਪਾਸੇ ਪਟਿਆਲਾ ਵਿੱਚ 22.3 ਐਮਐਮ ਮੀਂਹ ਦਰਜ ਕੀਤਾ ਗਿਆ। ਜੇ ਅੰਮ੍ਰਿਤਸਰ ਦੀ ਗੱਲ ਕੀਤੀ ਜਾਵੇ ਤਾਂ ਇਥੇ 3 ਐਮਐਮ, ਜਲੰਧਰ ਵਿੱਚ 1 ਅਤੇ ਲੁਧਿਆਣਾ ਵਿੱਚ 1.6 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਮੁਹਾਲੀ ਵਿੱਚ 6.8 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 11 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।ਆਉਣ ਵਾਲੇ ਕੁਝ ਦਿਨਾਂ ਵਿੱਚ ਅਜਿਹਾ ਹੀ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: North India Weather, Punjab Weather, Rain, Weather news