ਸੁੱਖਵਿੰਦਰ ਸਾਕਾ
ਰੂਪਨਗਰ : ਖੇਤੀਬਾੜੀ ਮਾਹਰਾਂ ਦੀ ਰਾਏ ਹੈ ਕਿ ਵਾਤਾਵਰਣ ਅਤੇ ਪੋਣ ਪਾਣੀ ਦੀ ਸਾਂਭ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ । ਸਗੋਂ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ, ਜਿਸ ਨਾਲ ਖਾਂਦਾ ਤੇ ਕੀਟਨਾਸ਼ਕ ਦੀ ਘੱਟ ਵਰਤੋਂ ਕਰਨੀ ਪੈਂਦੀ ਹੈ । ਇਸ ਨਾਲ ਜ਼ਮੀਨ ਦੀ ਸਿਹਤ ਵੀ ਠੀਕ ਰਹਿੰਦੀ ਹੈ । ਕਿਸਾਨਾਂ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਅਫਸਰ ਅਮਰਜੀਤ ਸਿੰਘ ਨੇ ਦੱਸਿਆ ਕਿ ਅੰਨੇਵਾਹ ਕੀਟਨਾਸ਼ਕ ਅਤੇ ਖਾਂਦਾ ਦੀ ਵਰਤੋਂ ਨਾਲ ਜਿੱਥੇ ਆਰਥਿਕ ਤੌਰ 'ਤੇ ਕਿਸਾਨਾ ਦਾ ਨੁਕਸਾਨ ਹੋ ਰਿਹਾ ਹੈ, ਉੱਥੇ ਜ਼ਮੀਨ ਦੀ ਸਿਹਤ ਵੀ ਖਰਾਬ ਹੋ ਰਹੀ ਹੈ । ਉਨ੍ਹਾਂ ਨੇ ਦੱਸਿਆ ਕਿ ਜ਼ਮੀਨ ਵਿੱਚ ਘੱਟੋ ਤੋਂ ਘੱਟ ਕੀਟਨਾਸ਼ਕ ਤੇ ਖਾਂਦਾ ਦੀ ਵਰਤੋ ਕੀਤੀ ਜਾਵੇ । ਵਾਤਾਵਰਣ ਅਤੇ ਪੋਣ ਪਾਣੀ ਦੀ ਸਾਂਭ ਸੰਭਾਲ ਕਰਨਾ ਸਾਡਾ ਸਭ ਦਾ ਫਰਜ਼ ਹੈ । ਉਨ੍ਹਾਂ ਨੇ ਕਿਹਾ ਕਿ ਮਿੱਤਰ ਕੀੜੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਦੇ ਹਨ, ਇਸ ਲਈ ਖੇਤੀਬਾੜੀ ਮਾਹਰਾਂ ਦੀ ਸਲਾਹ ਅਨੁਸਾਰ ਹੀ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ ।
ਕਿਸਾਨਾਂ ਨੂੰ ਝੋਨੇ ਦੀ ਪਰਾਲੀ/ਨਾੜ ਨੂੰ ਸਾੜਨ ਦੀ ਥਾਂ, ਜਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਦੀ ਸਲਾਹ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ/ਨਾੜ ਨੂੰ ਸਾੜਨ ਦੀ ਥਾਂ, ਜਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਦੀ ਸਲਾਹ ਦਿੱਤੀ ਗਈ ਹੈ । ਖੇਤੀ ਮਾਹਿਰਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਉ ਸ਼ਕਤੀ ਵੱਧਦੀ ਹੈ, ਖਾਦਾਂ ਘੱਟ ਪਾਉਣ ਦੀ ਲੋੜ ਪੈਦੀ ਹੈ ਅਤੇ ਮਿੱਤਰ ਕੀੜਿਆਂ ਦੀ ਗਿਣਤੀ ਵੱਧਣ ਕਾਰਨ ਫ਼ਸਲ 'ਤੇ ਕੀੜੇ-ਮਕੌੜਿਆ ਦਾ ਹਮਲਾ ਵੀ ਘੱਟ ਹੁੰਦਾ ਹੈ । ਉਨ੍ਹਾਂ ਦੱਸਿਆ ਕਿ ਇੱਕ ਏਕੜ ਵਿੱਚ ਝੋਨੇ ਦੀ ਫਸਲ ਤੋਂ ਤਕਰੀਬਨ ਢਾਈ ਤੋਂ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਨ ਨਾਲ ਅਸੀ 400 ਕਿਲੋ ਜੈਵਿਕ ਕਾਰਬਨ. 5.5 ਕਿਲੋ ਨਾਈਟਰੋਜਨ, 2.3 ਕਿਲੋ ਫਾਸਫੋਰਸਨ, 2.5 ਕਿਲੋ ਪੋਟਾਸ਼ ਅਤੇ 12 ਕਿਲੋ ਸਲਫਰ ਦਾ ਨੁਕਸਾਨ ਕਰਦੇ ਹਾਂ ।
ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਉਡਨ ਦਸਤੇ ਕੀਤੇ ਤਿਆਰ
ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਉਡਨ ਦਸਤੇ ਵੀ ਤਿਆਰ ਕੀਤੇ ਗਏ ਹਨ ਜੋ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਨਗੇ । ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ ਉੱਪਰ ਖੇਤੀ ਮਸ਼ੀਨਰੀ ਵੀ ਉਪਲੱਬਧ ਕਰਵਾਈ ਗਈ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Fertility, Paddy, Paddy straw, Paddy Straw Burning, Paddy stubble, Punjab, Soil