ਸੁੱਖਵਿੰਦਰ ਸਾਕਾ
ਰੂਪਨਗਰ: ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਉਪ ਮੰਡਲ ਪੱਧਰ 'ਤੇ ਹੋਣ ਵਾਲੀਆ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ। ਇਹ ਜਾਣਕਾਰੀ ਐਸ.ਡੀ.ਐਮ ਮਨੀਸ਼ਾ ਰਾਣਾ ਨੇ ਅਧਿਕਾਰੀਆਂ ਨਾਲ ਖੇਡਾਂ ਵਤਨ ਪੰਜਾਬ ਦੀਆਂ ਬਾਰੇ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਦਿੱਤੀ। ਐਸ.ਡੀ.ਐਮ ਨੇ ਬਲਾਕ ਪੱਧਰ ’ਤੇ 01 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਖੇਡ ਮੁਕਾਬਲਿਆਂ ਲਈ ਨਿਯੁਕਤ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਡਿਊਟੀ ਨਿਭਾਉਣ ਲਈ ਕਿਹਾ।
ਉਨ੍ਹਾਂ ਨੇ ਦੱਸਿਆ ਕਿ 2 ਬਲਾਕ ਦੇ ਖੇਡ ਮੈਦਾਨਾ ’ਚ 7 ਦਿਨ ਵੱਖ-ਵੱਖ ਖੇਡ ਮੁਕਾਬਲੇ ਹੋਣਗੇ। ਵੱਖ ਵੱਖ ਮੁਕਾਬਲੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਏ ਜਾਣਗੇ। ਬਲਾਕ ਸ੍ਰੀ ਅਨੰਦਪੁਰ ਸਾਹਿਬ ਦੀਆਂ ਖੇਡਾਂ ਸ੍ਰੀ ਦਸਮੇਸ ਮਾਰਸ਼ਲ ਆਰਟ ਐਂਡ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੀਆਂ, ਜਿੱਥੇ ਐਥਲੈਟਿਕਸ, ਵਾਲੀਬਾਲ, ਕਬੱਡੀ, ਖੋ-ਖੋ, ਰੱਸਾ-ਕੱਸੀ, ਅਤੇ ਫੁੱਟਬਾਲ ਦੇ ਮੁਕਾਬਲੇ ਹੋਣਗੇ।
ਉਨ੍ਹਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਲਈ ਡਿਊਟੀ ਉਤੇ ਤੈਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੋਜਵਾਨਾਂ ਅਤੇ ਹਰ ਵਰਗ ਨੂੰ ਖੇਡ ਮੈਦਾਨਾਂ ਵੱਲੋਂ ਪ੍ਰੇਰਿਤ ਕਰਨ ਲਈ ਇਹ ਉਪਰਾਲਾ ਕੀਤਾ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਧਾਇਕ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਨੋਜਵਾਨਾਂ ਨੂੰ ਨਿਰੰਤਰ ਖੇਡਾਂ ਵੱਲ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਲਈ ਸਾਡਾ ਸਭ ਦਾ ਫਰਜ਼ ਹੈ ਕਿ ਇਨ੍ਹਾਂ ਖੇਡਾਂ ਪ੍ਰਤੀ ਪੂਰੀ ਮਿਹਨਤ, ਲਗਨ ਅਤੇ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵੱਲੋ ਇਨ੍ਹਾਂ ਖੇਡਾਂ ਦੀ ਸਫਲਤਾ ਅਤੇ ਹਰ ਵਰਗ ਨੂੰ ਪ੍ਰੇਰਿਤ ਕਰਨ ਲਈ ਨਿਰੰਤਰ ਬੈਠਕਾਂ ਕਰਕੇ ਜੋ ਨਿਰਦੇਸ਼ ਦਿੱਤੇ ਗਏ ਹਨ, ਉਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Punjab, Sports