ਸੁੱਖਵਿੰਦਰ ਸਾਕਾ
ਕੀਰਤਪੁਰ ਸਾਹਿਬ / ਰੂਪਨਗਰ : ਡੇਂਗੂ ਬਿਮਾਰੀ ਤੋਂ ਬਚਣ ਲਈ ਆਪਣੇ ਘਰਾਂ ਅਤੇ ਕੰਮ ਵਾਲੇ ਥਾਵਾਂ ’ਤੇ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ, ਛੱਤਾਂ 'ਤੇ ਪਏ ਕਬਾੜ ਦੇ ਸਮਾਨ, ਟਾਇਰਾਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਇਹ ਖੜਾ ਪਾਣੀ ਹੀ ਡੇਂਗੂ ਦੇ ਮੱਛਰ ਪੈਦਾ ਹੋਣ ਦਾ ਕਾਰਨ ਬਣਦਾ ਹੈ । ਡੇਂਗੂ ਦੀ ਬਿਮਾਰੀ ਤੋਂ ਬਚਣ ਦੀਆਂ ਸਾਵਧਾਨੀਆਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਕੀਰਤਪੁਰ ਸਾਹਿਬ ਨੇ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ ਕਰੋ।
ਛੱਤਾਂ ’ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਰੱਖੋ । ਟੁੱਟੇ ਬਰਤਨਾਂ, ਡਰੰਮਾਂ, ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ । ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਮੱਛਰ ਕੱਟ ਨਾ ਸਕੇ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ।
ਡਾ.ਦਲਜੀਤ ਕੌਰ ਨੇ ਦੱਸਿਆ ਕਿ ਡੇਂਗੂ ਚਿਕਨਗੁਨੀਆ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।
ਇਹ ਮੱਛਰ ਸਾਫ਼ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ । ਉਨਾਂ ਕਿਹਾ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ’ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿਚੋਂ ਖੂਨ ਦਾ ਵਗਣਾ ਡੇਂਗੂ ਦੇ ਲੱਛਣ ਹਨ। ਤੇਜ਼ ਬੁਖਾਰ, ਸਿਰ ਦਰਦ, ਜੋੜਾਂ ਵਿੱਚ ਦਰਦ ਅਤੇ ਸੋਜ਼, ਚਮੜੀ ਦੇ ਦਾਣੇ ਅਤੇ ਖਾਰਸ਼ ਚਿਕਨਗੁਨੀਆ ਬਿਮਾਰੀ ਦੇ ਲੱਛਣ ਹਨ।
ਬੁਖਾਰ ਹੋਣ ’ਤੇ ਪਾਣੀ ਜਾਂ ਤਰਲ ਚੀਜਾਂ ਜਿਆਦਾ ਪੀਓ ਅਤੇ ਅਰਾਮ ਕਰੋ। ਡੇਂਗੂ ਅਤੇ ਚਿਕਨਗੁਨੀਆ ਇਲਾਜ ਯੋਗ ਹਨ ਅਤੇ ਇਹਨਾਂ ਬਿਮਾਰੀਆਂ ਦੇ ਟੈਸਟ ਅਤੇ ਇਲਾਜ ਦੀ ਸਹੂਲਤ ਸਰਕਾਰੀ ਹਸਪਤਾਲਾਂ ਵਿੱਚ ਉਪਲੱਬਧ ਹੈ । ਜੇਕਰ ਕਿਸੇ ਨੂੰ ਬੁਖਾਰ ਹੈ ਤਾਂ ਉਹ ਤੁਰੰਤ ਆਪਣੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਪਹੁੰਚ ਕਰਕੇ ਆਪਣਾ ਇਲਾਜ ਕਰਵਾ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।