ਬੀਤੇ ਦਿਨ ਮਹਿਲ ਕਲਾਂ ਟੋਲ ਪਲਾਜ਼ਾ 'ਤੇ ਕਿਸਾਨ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਯਸ਼ਪਾਲ ਸਿੰਘ ਦੀ ਹੋਈ ਮੌਤ ਤੋਂ ਬਾਅਦ ਅੱਜ ਉਨ੍ਹਾਂ ਦਾ ਅੰਤਮ ਸਸਕਾਰ ਕੀਤਾ ਗਿਆ। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਦੀ ਪੰਜਾਬ ਰਾਜ ਕਮੇਟੀ ਦੇ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਸਕੱਤਰ ਸਾਥੀ ਯਸ਼ਪਾਲ ਸਿੰਘ ਮਹਿਲ ਕਲਾਂ, ਜੋ ਬੀਤੇ ਕੱਲ੍ਹ ਸਦੀਵੀਂ ਵਿਛੋੜਾ ਦੇ ਗਏ ਸਨ, ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਹਿਲ ਕਲਾਂ ਵਿਖੇ ਅੰਤਮ ਸੰਸਕਾਰ ਕੀਤਾ ਗਿਆ।
ਯਸ਼ਪਾਲ ਸਿੰਘ ਮਹਿਲ ਕਲਾਂ (68) ਬੀਤੇ ਦਿਨ ਸ਼ਾਮੀਂ 4 ਵਜੇ ਕਿਸਾਨ ਮੋਰਚੇ ਨੂੰ ਸੰਬੋਧਨ ਕਰ ਰਹੇ ਸਨ ਕਿ ਅਚਾਨਕ ਅਟੈਕ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮੋਰਚੇ 'ਚ ਮੌਜੂਦ ਵਲੰਟੀਅਰਾਂ ਵਲੋਂ ਉਨ੍ਹਾਂ ਨੂੰ ਤੁਰੰਤ ਮਹਿਲ ਕਲਾਂ ਦੇ ਇਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾ. ਗੁਰਨਿੰਦਰ ਸਿੰਘ ਨੇ ਜਾਂਚ ਉਪਰੰਤ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰ ਅਨੁਸਾਰ ਉਨ੍ਹਾਂ ਦੀ ਮੌਤ ਸ਼ੂਗਰ ਘੱਟ ਜਾਣ (ਹਾਈਪੋਗਲਾਈਸੀਮੀਆ) ਨਾਲ ਹੋਈ ਹੈ।