ਬੀਤੇ ਦਿਨ 30 ਕਿਸਾਨ-ਜਥੇਬੰਦੀਆਂ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਾਂਝੀ-ਮੀਟਿੰਗ ਦੌਰਾਨ ਕੇਂਦਰ-ਸਰਕਾਰ ਦੇ ਗੱਲਬਾਤ ਦੇ ਸੱਦੇ ਨੂੰ ਸਵੀਕਾਰ ਕੀਤਾ ਗਿਆ। ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਰੀਬ 5 ਘੰਟੇ ਲੰਬੀ ਵਿਚਾਰ-ਚਰਚਾ ਹੋਈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਵਿਖੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪਿਊਸ਼ ਗੋਇਲ ਨਾਲ ਮੀਟਿੰਗ ਲਈ ਤਿੰਨ-ਬੁਲਾਰੇ- ਡਾ. ਦਰਸ਼ਨਪਾਲ, ਬਲਬੀਰ ਸਿੰਘ ਰਾਜੇਵਾਲ ਅਤੇ ਕੁਲਵੰਤ ਸਿੰਘ ਸੰਧੂ ਤੈਅ ਕੀਤੇ ਗਏ ਹਨ, ਜਦੋਂਕਿ ਮੀਟਿੰਗ ਦੌਰਾਨ ਸਾਰੀਆਂ 30 ਕਿਸਾਨ-ਜਥੇਬੰਦੀਆਂ ਦੀ ਸ਼ਮੂਲੀਅਤ ਹੋਵੇਗੀ।