ਬਾਈਕਾਟ ਬਾਰੇ ਜਥੇਦਾਰ ਨੇ ਕਿਹਾ, ਵਾਧ-ਘਾਟ 'ਚ ਮੀਡੀਆ ਕੋਲੋਂ ਐਵੇਂ ਲਿਖਿਆ ਗਿਆ ਹੋਣੈ
Religion | 05:28 PM IST Oct 08, 2018
ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿਆਸੀ ਧਿਰਾਂ ਨੂੰ ਸਲਾਹ ਦਿੱਤੀ ਹੈ ਕਿ ਕਿਸੇ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਨਹੀਂ ਦੇਣਾ ਚਾਹੀਦਾ। ਉਨ੍ਹਾਂ ਨੂੰ ਜਦੋਂ ਤਿੰਨ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਬਾਈਕਾਟ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਸਭ ਵਾਧ-ਘਾਟ ਵਿਚ ਮੀਡੀਆ ਕੋਲੋਂ ਐਵੇਂ ਲਿਖਿਆ ਗਿਆ ਹੋਣੈ। ਸਾਰੇ ਤਖਤਾਂ ਦੇ ਜਥੇਦਾਰ ਉਨ੍ਹਾਂ ਦੇ ਨਾਲ ਹਨ। ਇਸ ਬਾਰੇ ਉਨ੍ਹਾਂ ਦਾ ਸਪਸ਼ਟੀਕਰਨ ਵੀ ਆ ਗਿਆ ਹੈ। ਦੱਸ ਦਈਏ ਕਿ ਤਿੰਨ ਤਖਤਾਂ ਦੇ ਜਥੇਦਾਰਾਂ ਨੇ ਪਿਛਲੇ ਦਿਨੀਂ ਅਕਾਲ ਤਖਤ ਦੇ ਜਥੇਦਾਰ ਦੇ ਕਿਸੇ ਵੀ ਸਮਾਗਮ ਵਿਚ ਹਾਜ਼ਰੀ ਭਰਨ ਤੋਂ ਨਾਂਹ ਕਰ ਦਿੱਤੀ ਸੀ। ਹੁਣ ਜਥੇਦਾਰ ਨੇ ਇਸ ਬਾਰੇ ਕਿਹਾ ਹੈ ਕਿ ਸਾਰੇ ਤਖਤਾਂ ਦੇ ਜਥੇਦਾਰ ਉਨ੍ਹਾਂ ਦੇ ਨਾਲ ਹਨ।
ਗਿਆਨੀ ਗੁਰਬਚਨ ਸਿੰਘ ਅੱਜ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਸਾਹਿਬ ਸਰਹੱਦ ਉਤੇ ਅਰਦਾਸ ਲਈ ਪੁੱਜੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਦੀਆਂ ਸਰਕਾਰ ਨੂੰ ਜ਼ਿੱਦ ਛੱਡ ਕੇ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਸਰਕਾਰ ਨੇ ਹਾਂ ਪੱਖੀ ਹੁੰਗਾਰਾ ਭਰਿਆ ਹੈ ਤਾਂ ਸਾਡੀ ਸਰਕਾਰ ਜਿਸ ਨੂੰ ਬਣਾਉਣ ਲਈ ਅਸੀਂ 87 ਫੀਸਦੀ ਕੁਰਬਾਨੀਆਂ ਸਿੱਖਾਂ ਨੇ ਕੀਤੀਆਂ ਹਨ, ਹੁਣ ਸਰਕਾਰਾਂ ਫ਼ਰਜ਼ ਬਣਦਾ ਹੈ ਕਿ ਉਹ ਸਿੱਖਾਂ ਨੂੰ ਇਸ ਇਤਿਹਾਸਕ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਇਕ ਪਾਸਿਉਂ ਹੱਥ ਅੱਗੇ ਵਧਾਉਣ ਨਾਲ ਗੱਲ ਨਹੀਂ ਬਣਨੀ। ਇਸ ਲਈ ਦੋਵਾਂ ਪਾਸਿਉਂ ਕੋਸ਼ਿਸ਼ਾਂ ਹੋਣੀਆਂ ਚਾਹੀਦੀਆਂ ਹਨ।